#PUNJAB

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਜੀਤ ਮਹਿੰਦਰ ਸਿੱਧੂ ਮੁਅੱਤਲ

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਦੇ ਤਲਵੰਡੀ ਸਾਬੋ ਤੋਂ ਆਗੂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਪੁੱਛਿਆ ਗਿਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇ। ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਜੀਤ ਮਹਿੰਦਰ ਸਿੰਘ ਸਿੱਧੂ ਖ਼ਿਲਾਫ਼ ਮਿਲੀ ਸ਼ਿਕਾਇਤ ‘ਤੇ ਵਰਚੁਅਲ ਮੀਟਿੰਗ (ਵੀਡੀਓ ਕਾਨਫਰੰਸ) ਕਰਕੇ ਚਰਚਾ ਕੀਤੀ। ਇਹ ਸ਼ਿਕਾਇਤ ਤਲਵੰਡੀ ਸਾਬੋ ਦੇ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੂੰ ਦਿੱਤੀ ਸੀ, ਜਿਨ੍ਹਾਂ ਨੇ ਅੱਗੇ ਸ਼ਿਕਾਇਤ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਭੇਜੀ।
ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਬੁੱਧਵਾਰ ਨੂੰ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ, ਜਿਸ ਦੀ ਪ੍ਰਧਾਨਗੀ ਕਮੇਟੀ ਦੇ ਚੇਅਰਮੈਨ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕੀਤੀ, ਵਿਚ ਵਿਰਸਾ ਸਿੰਘ ਵਲਟੋਹਾ, ਸ਼ਰਨਜੀਤ ਸਿੰਘ ਢਿੱਲੋਂ, ਮਨਤਾਰ ਸਿੰਘ ਬਰਾੜ ਤੇ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਚਰਚਾ ਮਗਰੋਂ ਫੈਸਲਾ ਲਿਆ ਗਿਆ ਕਿ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 24 ਘੰਟੇ ਵਿਚ ਜਵਾਬ ਮੰਗਿਆ ਗਿਆ ਹੈ। ਅਨੁਸ਼ਾਸਨੀ ਕਮੇਟੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪਾਰਟੀ ਖ਼ਿਲਾਫ਼ ਅਨੁਸ਼ਾਸ਼ਨਹੀਣਤਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਪਾਰਟੀ ਦੇ ਹੁਕਮ ਸਭ ਤੋਂ ਸਰਵਉੱਚ ਰਹਿਣਗੇ।

Leave a comment