ਚੰਡੀਗੜ੍ਹ, 30 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਅਹਿਮ ਫ਼ੈਸਲੇ ਲੈਣ ਵਾਲੀ 11 ਮੈਂਬਰੀ ਪ੍ਰੀਜ਼ੀਡੀਅਮ ਦਾ ਜਲਦ ਐਲਾਨ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਬਾਗੀ ਧੜੇ ਦੀ ਅਹਿਮ ਬੈਠਕ ਹੋਈ ਸੀ, ਜਿਸ ਵਿਚ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਕਨਵੀਨਰ ਬਣਾਇਆ ਗਿਆ ਸੀ। ਇਸ ਦੇ ਨਾਲ ਹੀ 11 ਮੈਂਬਰੀ ਪ੍ਰੀਜ਼ੀਡੀਅਮ ਬਣਾਉਣ ਦੀ ਵੀ ਮੀਟਿੰਗ ‘ਚ ਪ੍ਰਵਾਨਗੀ ਦਿੱਤੀ ਗਈ ਸੀ।
ਇਹ 11 ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀਆਂ ਵੱਖ-ਵੱਖ ਗਤੀਵਿਧੀਆਂ ਤੋਂ ਇਲਾਵਾ ਹੋਰ ਅਹਿਮ ਫ਼ੈਸਲੇ ਲਵੇਗੀ। ਪ੍ਰੀਜ਼ੀਡੀਅਮ ਨੂੰ ਲੈ ਕੇ ਬਾਗੀ ਧੜੇ ਦੇ ਆਗੂਆਂ ਵੱਲੋਂ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਨੂੰ ਲੋਕਾਂ ਦਾ ਕਾਫੀ ਸਮਰਥਨ ਮਿਲ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਲੋਕਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਦੇ ਹਿੱਤਾਂ ਦੀ ਰਾਖੀ ਦੇ ਲਈ ਅਤੇ ਲੋਕਾਂ ਨੂੰ ਪੰਜਾਬ ਨਾਲ ਹੋ ਰਹੇ ਧੱਕੇ ਪ੍ਰਤੀ ਜਾਗਰੂਕ ਕਰਨ ਲਈ, ਪੰਜਾਬ ਦੇ ਪਾਣੀਆਂ ਤੇ ਖੇਤੀਬਾੜੀ ਦੇ ਮਸਲੇ, ਪੰਥਕ ਮਸਲਿਆਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਜਥੇਦਾਰ ਮੋਹਨ ਸਿੰਘ ਤੁੜ ਦੀ ਪਟਿਆਲਾ ਵਿਖੇ ਬਰਸੀ ਮਨਾਈ ਜਾਏਗੀ। 5 ਅਗਸਤ ਨੂੰ ਚੰਡੀਗੜ੍ਹ ਵਿਖੇ ‘ਸਿੱਖ ਸਿਆਸਤ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਰੋਲ’ ਸੈਮੀਨਾਰ ਕਰਵਾਇਆ ਜਾਵੇਗਾ। 10 ਅਗਸਤ ਨੂੰ ਜ਼ਿਲ੍ਹਾ ਜਲੰਧਰ ਵਿਖੇ ਮੀਟਿੰਗ ਕੀਤੀ ਜਾਵੇਗੀ। 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਬਰਸੀ ਮਨਾਈ ਜਾਵੇਗੀ। 24 ਸਤੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦਾ 100ਵਾਂ ਜਨਮ ਦਿਹਾੜਾ ਮਨਾਇਆ ਜਾਵੇਗਾ।