15.1 C
Sacramento
Tuesday, October 3, 2023
spot_img

ਸ਼੍ਰੋਮਣੀ ਕਮੇਟੀ ਦਾ ਵਫਦ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰੇਗਾ ਮੁਲਾਕਾਤ

-ਰਾਸ਼ਟਰਪਤੀ ਮੁਰਮੂ ਨਾਲ ਵੀ ਕੀਤੀ ਜਾ ਸਕਦੀ ਹੈ ਮੁਲਾਕਾਤ
ਅੰਮ੍ਰਿਤਸਰ, 28 ਜੂਨ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦਾ ਇਕ ਵਫਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ। ਇਹ ਸਿੱਖ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੇ ਗਏ ਮਤੇ ਦੀ ਸਮੁੱਚੀ ਕਾਰਵਾਈ ਬਾਰੇ ਜਾਣੂ ਕਰਵਾਏਗਾ।
ਸ਼੍ਰੋਮਣੀ ਕਮੇਟੀ ਨੇ ਸੋਮਵਾਰ ਨੂੰ ਜਨਰਲ ਹਾਊਸ ਦਾ ਵਿਸ਼ੇਸ਼ ਇਜਲਾਸ ਸੱਦਿਆ ਸੀ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ ਨੂੰ ਜਨਰਲ ਹਾਊਸ ਨੇ ਮੁੱਢੋਂ ਰੱਦ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਨੇ ਜਨਰਲ ਹਾਊਸ ਦੀ ਇਸ ਸਮੁੱਚੀ ਕਾਰਵਾਈ ਅਤੇ ਰੱਦ ਕੀਤੇ ਗਏ ਮਤੇ ਨੂੰ ਦਸਤਾਵੇਜ਼ੀ ਕਾਰਵਾਈ ਦੇ ਰੂਪ ਵਿਚ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਸਬੰਧ ਵਿਚ ਮੁਲਾਕਾਤ ਵਾਸਤੇ ਸਮਾਂ ਲੈਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ ਨਾਲ ਵੀ ਮੁਲਾਕਾਤ ਕਰਨਾ ਚਾਹੁੰਦੀ ਹੈ ਅਤੇ ਬਾਅਦ ਵਿਚ ਇਸ ਸਬੰਧੀ ਮੁਲਾਕਾਤ ਲਈ ਵੀ ਯਤਨ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਪੰਜਾਬ ਦੇ ਰਾਜਪਾਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ। ਸ਼੍ਰੋਮਣੀ ਕਮੇਟੀ ਨੇ ਰਾਜਪਾਲ ਨੂੰ ਅਪੀਲ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਨੂੰ ਮਨਜ਼ੂਰੀ ਨਾ ਦਿੱਤੀ ਜਾਵੇ।
ਗੌਰਤਲਬ ਹੈ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ‘ਚ ਗੁਰਦੁਆਰਾ ਸੋਧ ਬਿੱਲ ਪਾਸ ਕੀਤਾ ਸੀ, ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਹਰੇਕ ਚੈਨਲ ਨੂੰ ਹੱਕ ਦੇਣ ਦੀ ਤਜਵੀਜ਼ ਸ਼ਾਮਲ ਹੈ। ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਨੇ ਸਰਕਾਰ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਸਰਕਾਰ ਦੀ ਇਸ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।
ਵੇਰਵਿਆਂ ਮੁਤਾਬਕ ਸ਼੍ਰੋਮਣੀ ਕਮੇਟੀ ਦੀ ਫਿਲਹਾਲ ਆਪਣੇ ਇੱਕ ਯੂ-ਟਿਊਬ ਚੈਨਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਸ਼ੁਰੂ ਕਰਨ ਦੀ ਤਜਵੀਜ਼ ਹੈ। ਗੁਰਬਾਣੀ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਜੁਲਾਈ ਮਹੀਨੇ ਵਿਚ ਸ਼ੁਰੂ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ, ਜੋ ਇਸ ਸਬੰਧੀ ਮੁੱਢਲੀਆਂ ਤਿਆਰੀਆਂ ਬਾਰੇ ਲਗਾਤਾਰ ਵਿਚਾਰ-ਚਰਚਾ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵਲੋਂ ਚਲਾਏ ਜਾ ਰਹੇ ਇਸ ਚੈਨਲ ‘ਤੇ ਫਿਲਹਾਲ ਸ਼੍ਰੋਮਣੀ ਕਮੇਟੀ ਦੀਆਂ ਸਰਗਰਮੀਆਂ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles