-ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ
ਅੰਮ੍ਰਿਤਸਰ, 4 ਜੂਨ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਐਡਵੋਕੇਟ ਧਾਮੀ ਨੇ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖ ਕੌਮ ਦੀ ਅਧਿਆਤਮਿਕ ਸ਼ਕਤੀ ਦਾ ਸੋਮਾ ਹੈ। ਗੁਰਬਾਣੀ ਦੀ ਬੇਅਬਦੀ ਦੀਆਂ ਅਜਿਹੀਆਂ ਘਟਨਾਵਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਘਟਨਾ ਦੇ ਪਿੱਛੇ ਜੋ ਮੁੱਖ ਦੋਸ਼ੀ ਜਾਂ ਸਾਜ਼ਿਸ਼ਕਰਤਾ ਹਨ, ਉਨ੍ਹਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ, ਪ੍ਰੰਤੂ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਰਕਾਰ ਵੱਲੋਂ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਦੇਣਾ ਵੀ ਇੱਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸਾਰੇ ਸੰਭਾਵੀ ਪਹਿਲੂਆਂ ਨੂੰ ਧਿਆਨ ਵਿਚ ਰੱਖਦਿਆਂ ਸੱਚਾਈ ਸਾਹਮਣੇ ਲਿਆਂਦੀ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ ਮਹੀਨੇ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਇਤਿਹਾਸਕ ਅਤੇ ਭਾਵਨਾਤਮਕ ਤੌਰ ‘ਤੇ ਅਤਿ ਸੰਵੇਦਨਸ਼ੀਲ ਹੁੰਦਾ ਹੈ, ਕਿਉਂਕਿ ਇਹ ਸਮਾਂ ਸ੍ਰੀ ਦਰਬਾਰ ਸਾਹਿਬ ‘ਤੇ 1984 ਵਿਚ ਹੋਏ ਫੌਜੀ ਹਮਲੇ ਦੀ ਯਾਦ ਨੂੰ ਤਾਜ਼ਾ ਕਰਦਾ ਹੈ। ਅਜਿਹੇ ਸਮੇਂ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਵਰਗੀ ਘਟਨਾ ਵਾਪਰਨਾ ਸਿੱਖ ਕੌਮ ਦੇ ਜਖ਼ਮਾਂ ਨੂੰ ਹੋਰ ਡੂੰਘਾ ਕਰਦਾ ਹੈ ਅਤੇ ਸੰਗਤ ਵਿਚ ਰੋਹ ਅਤੇ ਰੋਸ ਦੀ ਭਾਵਨਾ ਨੂੰ ਵਧਾਉਂਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਰਕਾਰ ਦੋਸ਼ੀਆਂ ਲਈ ਮੌਤ ਦੀ ਸਜ਼ਾ ਦਾ ਪ੍ਰਬੰਧ ਕਰੇ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਭਵਿੱਖ ਵਿਚ ਰੋਕਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਰਾਤ 10:30 ਵਜੇ ਦੇ ਕਰੀਬ ਇਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਰੁਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਨੂੰ ਅੰਜਾਮ ਦਿੱਤਾ ਗਿਆ। ਮੌਕੇ ‘ਤੇ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ, ਜੋ ਅੰਮ੍ਰਿਤਸਰ ਦਾ ਹੀ ਨਿਵਾਸੀ ਹੈ। ਸ਼੍ਰੋਮਣੀ ਕਮੇਟੀ ਨੇ ਬਣਦੀ ਕਨੂੰਨੀ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਸਖ਼ਤ ਨੋਟਿਸ
