ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਘਰ-ਘਰ ਕਰੇਗੀ ਪਹੁੰਚ

14

ਅੰਮ੍ਰਿਤਸਰ, 24 ਜਨਵਰੀ (ਪੰਜਾਬ ਮੇਲ)- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੋਕ ਲਹਿਰ ਬਣਾਉਣ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਤੇਜ਼ ਕਰਦਿਆਂ ਹੁਣ ਪ੍ਰਚਾਰਕ ਜਥਿਆਂ ਰਾਹੀਂ ਇਸ ਨੂੰ ਪਿੰਡ ਪੱਧਰ ‘ਤੇ ਤੱਕ ਲਿਜਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਮੁਹਿੰਮ ਤਹਿਤ ਹੁਣ ਤੱਕ 10 ਲੱਖ ਫਾਰਮ ਭਰ ਚੁੱਕੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦਸਤਖ਼ਤੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਦਿਆਂ ਵਿੱਦਿਅਕ ਅਦਾਰਿਆਂ ਦੇ ਨਾਲ-ਨਾਲ ਪ੍ਰਚਾਰਕ ਜੱਥਿਆਂ ਰਾਹੀਂ ਪਿੰਡਾਂ ਤੱਕ ਪਹੁੰਚਾਇਆ ਗਿਆ ਹੈ। ਇਸ ਸਬੰਧੀ ਕਾਨੂੰਨੀ ਚਾਰਾਜੋਈ ਵੀ ਜਾਰੀ ਹੈ ਪਰ ਲੋਕਾਂ ਦੀਆਂ ਭਾਵਨਾਵਾਂ ਨੂੰ ਸਰਕਾਰਾਂ ਤੱਕ ਪਹੁੰਚਾਉਣਾ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਹੁਣ ਪਿੰਡ ਪੱਧਰ ‘ਤੇ ਪ੍ਰੋਫਾਰਮੇ ਭਰਵਾਉਣ ਲਈ ਪ੍ਰਕਿਰਿਆ ਆਰੰਭੀ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਜੋ ਗੁਰੂ ਘਰਾਂ ਵਿਚ ਆ ਕੇ ਪ੍ਰੋਫਾਰਮੇ ਨਹੀਂ ਭਰ ਸਕੇ, ਉਨ੍ਹਾਂ ਨੂੰ ਵੀ ਇਸ ਦਾ ਹਿੱਸਾ ਬਣਾਉਣ ਲਈ ਯਤਨ ਕੀਤਾ ਜਾ ਰਿਹਾ ਹੈ। ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ਪੱਤਰ ਸਣੇ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ।