#PUNJAB

ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਵੱਲੋਂ ਸੁਖਬੀਰ ਦੀ ਪ੍ਰਧਾਨਗੀ ਕਬੂਲ

-106 ਮੈਂਬਰਾਂ ਵੱਲੋਂ ਪਾਰਟੀ ਪ੍ਰਧਾਨ ਦੀ ਪੁਰਜ਼ੋਰ ਹਮਾਇਤ
ਚੰਡੀਗੜ੍ਹ, 3 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ‘ਚ ਪੈਦਾ ਹੋਈ ਖਾਨਾਜੰਗੀ ਦਰਮਿਆਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੀਟਿੰਗਾਂ ਦੇ ਸ਼ੁਰੂ ਕੀਤੇ ਸਿਲਸਿਲੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਪਾਰਟੀ ਦੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਨੇ ਵੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲਣ ਦਾ ਭਰੋਸਾ ਦਿੱਤਾ ਹੈ। ਇਸ ਮੀਟਿੰਗ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੀ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਮਗਰੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੀਟਿੰਗ 93 ਮੈਂਬਰ ਨਿੱਜੀ ਤੌਰ ‘ਤੇ ਹਾਜ਼ਰ ਸਨ। ਉਨ੍ਹਾਂ ਕਿਹਾ ਕਿ 6 ਮੈਂਬਰ ਵਿਦੇਸ਼ ਗਏ ਹੋਏ ਹਨ ਤੇ 5 ਸਿਹਤ ਠੀਕ ਨਾ ਹੋਣ ਕਾਰਨ ਆ ਨਹੀਂ ਸਕੇ, ਜਦੋਂਕਿ 2 ਮੈਂਬਰਾਂ ਦੇ ਪਰਿਵਾਰਕ ਰੁਝੇਵਿਆਂ ਕਾਰਨ ਉਹ ਮੀਟਿੰਗ ਵਿਚ ਨਹੀਂ ਆ ਸਕੇ। ਇਸ ਤਰੀਕੇ ਕੁੱਲ 106 ਮੈਂਬਰਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ‘ਚ ਪੂਰਨ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ‘ਚ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਲਿਸਟਾਂ ਤਿਆਰ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ। ਮੈਂਬਰਾਂ ਨੇ ਇਸ ਗੱਲ ‘ਤੇ ਚਿੰਤਾ ਜ਼ਾਹਰ ਕੀਤੀ ਕਿ ਦੋ ਅੰਮ੍ਰਿਤਧਾਰੀ ਬੀਬੀਆਂ ਨੂੰ ਰਾਜਸਥਾਨ ਜੁਡੀਸ਼ੀਅਨ ਸਰਵਿਸਿਜ਼ ਪ੍ਰੀਖਿਆ ਨਹੀਂ ਦੇਣ ਦਿੱਤੀ ਗਈ। ਉਨ੍ਹਾਂ ਨੇ ਸਿੱਖ ਕੌਮ ਤੇ ਇਨ੍ਹਾਂ ਦੇ ਧਾਰਮਿਕ ਕੱਕਾਰਾਂ ਪ੍ਰਤੀ ਇਸ ਤਰੀਕੇ ਦੀ ਬੇਰੁਖ਼ੀ ਵਿਖਾਉਣ ਲਈ ਸਬੰਧਤ ਅਧਿਕਾਰੀਆਂ ਦੀ ਸਖ਼ਤ ਨਿਖੇਧੀ ਕੀਤੀ।
ਮੈਂਬਰਾਂ ਨੇ ਹਰਿਆਣਾ ‘ਚ ਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਤੇ ਹਿਮਾਚਲ ਪ੍ਰਦੇਸ਼ ਵਿਚ ਵੀ ਪੰਜਾਬੀਆਂ ਨਾਲ ਵਧੀਕੀਆਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਮੈਂਬਰਾਂ ਨੇ ਸਬੰਧਤ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਿਹਾ ਕਿ ਸਿੱਖ ਕੌਮ ਹਮੇਸ਼ਾ ਹੋਰਨਾਂ ਦੇ ਹੱਕਾਂ ਦੀ ਰਾਖੀ ਵਾਸਤੇ ਜਾਣੀ ਜਾਂਦੀ ਰਹੀ ਹੈ। ਬਾਗੀਆਂ ‘ਤੇ ਵਰ੍ਹਦਿਆਂ ਡਾ. ਚੀਮਾ ਨੇ ਕਿਹਾ ਕਿ ਸੁਰਜੀਤ ਕੌਰ ਦੇ ‘ਆਪ’ ਵਿਚ ਸ਼ਾਮਲ ਹੋਣ ਤੋਂ ਸਪਸ਼ਟ ਹੈ ਕਿ ਬਾਗ਼ੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨਾ ਚਾਹੁੰਦੇ ਸਨ ਤੇ ਉਨ੍ਹਾਂ ਦਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪਾਰਟੀ ਮਾਮਲੇ ਵਿਚ ਸੰਜੀਦਾ ਸੀ, ਇਸੇ ਲਈ ਇਸਨੇ ਬਸਪਾ ਦੀ ਹਮਾਇਤ ਦਾ ਫ਼ੈਸਲਾ ਲਿਆ ਸੀ।