#PUNJAB

ਸ਼੍ਰੋਮਣੀ ਕਮੇਟੀ ਵੱਲੋਂ ਐੱਨ.ਸੀ.ਈ.ਆਰ.ਟੀ. ਦੀ ਪੁਸਤਕ ‘ਚ ਸਿੱਖਾਂ ਬਾਰੇ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਨੇ ਦੋਸ਼ ਲਾਇਆ ਹੈ ਕਿ ਐੱਨ.ਸੀ.ਈ.ਆਰ.ਟੀ. ਵੱਲੋਂ ਸਕੂਲ ਸਿਲੇਬਸ ਦੀਆਂ ਕਿਤਾਬਾਂ ‘ਚ ਸਿੱਖਾਂ ਸਬੰਧੀ ਗ਼ਲਤ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖ ਸੰਸਥਾ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕਿਤਾਬਾਂ ‘ਚੋਂ ਉਕਤ ਗ਼ਲਤ ਜਾਣਕਾਰੀ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਐੱਨ.ਸੀ.ਈ.ਆਰ.ਟੀ. ਨੇ ਬਾਰ੍ਹਵੀਂ ਜਮਾਤ ਦੀ ਕਿਤਾਬ ‘ਸੁਤੰਤਰ ਭਾਰਤ ‘ਚ ਰਾਜਨੀਤੀ’ ਵਿਚ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਭੁਲੇਖਾ ਪਾਊ ਜਾਣਕਾਰੀ ਦਰਜ ਕੀਤੀ ਹੈ। ਇਸ ਮਤੇ ਦੀ ਵਿਆਖਿਆ ਕਰਦਿਆਂ ਸਿੱਖਾਂ ਨੂੰ ਵੱਖਵਾਦੀ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ, ਜੋ ਹਰਗਿਜ਼ ਜਾਇਜ਼ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਗ਼ਲਤ ਜਾਣਕਾਰੀ ਨੂੰ ਕਿਤਾਬ ਵਿਚੋਂ ਤੁਰੰਤ ਹਟਾਇਆ ਜਾਵੇ। ਸ਼੍ਰੀ ਧਾਮੀ ਨੇ ਦੋਸ਼ ਲਾਇਆ ਕਿ ਐੱਨ.ਸੀ.ਈ.ਆਰ.ਟੀ. ਵੱਲੋਂ ਸਿੱਖਾਂ ਨਾਲ ਸਬੰਧਤ ਇਤਿਹਾਸਕ ਵੇਰਵਿਆਂ ਨੂੰ ਗ਼ਲਤ ਅਰਥਾਂ ‘ਚ ਪੇਸ਼ ਕੀਤਾ ਜਾ ਰਿਹਾ ਹੈ ਤੇ ਬਾਰ੍ਹਵੀਂ ਦੀ ਕਿਤਾਬ ‘ਚੋਂ ਕੁਝ ਜਾਣਕਾਰੀਆਂ ਹਟਾਉਣ ਅਤੇ ਨਵੀਆਂ ਜਾਣਕਾਰੀਆਂ ਸ਼ਾਮਲ ਕਰਨ ਵੇਲੇ ਫ਼ਿਰਕੂਪੱਖ ਤੋਂ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀ ਮਰਜ਼ੀ ਅਨੁਸਾਰ ਵਿਸ਼ੇਸ਼ ਰੂਪ ਵਿਚ ਘੱਟ ਗਿਣਤੀਆਂ ਬਾਰੇ ਪਾਠਕ੍ਰਮ ਖ਼ਤਮ ਕਰਕੇ ਸਿਲੇਬਸ ਤਿਆਰ ਕਰਵਾ ਰਹੀ ਹੈ।

Leave a comment