-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ
ਅੰਮ੍ਰਿਤਸਰ, 1 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੰਤ੍ਰਿੰਗ ਕਮੇਟੀ ਨੇ ਬੀਤੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੇ ਉਸ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿਚ ਸ. ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਇਕ ਮਤਾ ਪਾਸ ਕਰਕੇ 19 ਦਸੰਬਰ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਵਿਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਫਿਲਹਾਲ ਇਕ ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਇਸ ਮਤੇ ਰਾਹੀਂ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ ਕਿ ਇਸ ਮਾਮਲੇ ਦੀ ਜਾਂਚ ਬਿਲਕੁਲ ਨਿਰਪੱਖ ਹੋਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਚਲਾਣੇ ‘ਤੇ ਵੀ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਇਸ ਤੋਂ ਇਲਾਵਾ ਬੀਤੇ ਦਿਨੀਂ ਯੂ.ਪੀ. ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਇਕੱਤਰਤਾ ਦੌਰਾਨ ਯੂ.ਪੀ. ‘ਚ ਪੁਲਿਸ ਮੁਕਾਬਲੇ ਸਬੰਧੀ ਇਕ ਮਤਾ ਪਾਸ ਕਰਦਿਆਂ ਇਸ ‘ਤੇ ਕਰੜੇ ਸਵਾਲ ਚੁੱਕੇ ਹਨ। ਮਤੇ ਵਿਚ ਕਿਹਾ ਗਿਆ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ ਅਤੇ ਬਹੁਤ ਛੋਟੀ ਉਮਰ ਦੇ ਪੰਜਾਬ ਦੇ ਨੌਜੁਆਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਵਰਗੀ ਹਰਕਤ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਸ ਵਾਸਤੇ ਅੰਤ੍ਰਿੰਗ ਕਮੇਟੀ ਪੁਰਜ਼ੋਰ ਮੰਗ ਕਰਦੀ ਹੈ।