#PUNJAB

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 25 ਨਵੰਬਰ (ਜਾਬ ਮੇਲ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਗਿਆ ਜਥਾ ਪਾਕਿਸਤਾਨ ਸਥਿਤ ਹੋਰਨਾਂ ਇਤਿਹਾਸਕ ਗੁਰ-ਅਸਥਾਨਾਂ ਦੇ ਵੀ ਦਰਸ਼ਨ ਕਰੇਗਾ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੱਚਾ ਸੌਦਾ, ਮੰਡੀ ਚੂਹੜਕਾਨਾ (ਸ਼ੇਖੂਪੁਰਾ) ਵਿਖੇ ਨਤਮਸਤਕ ਹੋਵੇਗਾ। 27 ਨਵੰਬਰ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਸਮੇਂ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ 29 ਨਵੰਬਰ ਨੂੰ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਸਨ ਅਬਦਾਲ ਲਈ ਜਾਣਗੇ ਅਤੇ 30 ਨਵੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪਹੁੰਚੇਗਾ। 2 ਦਸੰਬਰ ਨੂੰ ਸੰਗਤਾਂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਕੇ ਸ਼ਾਮ ਨੂੰ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਵਾਪਸ ਪਰਤ ਆਵੇਗਾ। 3 ਦਸੰਬਰ ਨੂੰ ਜਥਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਰੁਕੇਗਾ, ਜਿਥੋਂ 4 ਦਸੰਬਰ ਨੂੰ ਜਥੇ ਦੀ ਭਾਰਤ ਵਾਪਸੀ ਹੋਵੇਗੀ।