#PUNJAB

ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ

ਐਡਵੋਕੇਟ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਹੋਣਗੇ ਉਮੀਦਵਾਰ
ਅੰਮ੍ਰਿਤਸਰ, 8 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਦੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਰਾਏ ਲੈਣ ਮਗਰੋਂ ਕੀਤਾ ਗਿਆ। ਮੈਂਬਰਾਂ ਦੀ ਇਹ ਸਰਬਸੰਮਤੀ ਨਾਲ ਰਾਏ ਸੀ ਕਿ ਐਡਵੋਕੇਟ ਧਾਮੀ ਨੇ ਪਿਛਲੇ ਦੋ ਸਾਲਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚੰਗੀਆਂ ਸੇਵਾਵਾਂ ਦਿੱਤੀਆਂ ਹਨ ਤੇ ਪਾਰਟੀ ਨੂੰ ਤੀਜੀ ਵਾਰ ਉਨ੍ਹਾਂ ਨੂੰ ਉਮੀਦਵਾਰ ਬਣਾਉਣਾ ਚਾਹੀਦਾ ਹੈ। ਸ. ਬਾਦਲ ਨੇ ਦੱਸਿਆ ਕਿ ਇਸ ਬਾਰੇ ਸਰਬਸੰਮਤੀ ਨਾਲ ਹੀ ਰਾਏ ਸੀ ਕਿ ਐਡਵੋਕੇਟ ਧਾਮੀ ਪੰਥਕ ਕਦਰਾਂ-ਕੀਮਤਾਂ ਵਾਸਤੇ ਡਟੇ ਹਨ ਤੇ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਥਕ ਸੰਸਥਾਵਾਂ ਵਾਸਤੇ ਡਟ ਕੇ ਪਹਿਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਣਗੇ।
ਬੀਤੇ ਦਿਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਉਮੀਦਵਾਰ ਲਈ ਵੋਟਾਂ ਪਾਉਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਦੀ ਕੀ ਅਹਿਮੀਅਤ ਹੈ ਤੇ ਕਿਹਾ ਕਿ ਇਹ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ। ਉਨ੍ਹਾਂ ਨੇ ਇਹ ਗੱਲ ਦਿਨ ਰਾਤ ਸਿੱਖ ਵਿਰੋਧੀ ਤਾਕਤਾਂ ਵਾਸਤੇ ਦਿਨ ਰਾਤ ਕੰਮ ਕਰ ਰਹੇ ਲੋਕਾਂ ਨੂੰ ਚੇਤੇ ਕਰਵਾਈ ਕਿ ਪੰਥ ਤੇ ਇਸਦੀ ਫੌਜ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਨੇ ਪਿਛਲੇ ਸਾਲ ਵੀ ਵਿਰੋਧੀ ਧਿਰਾਂ ਦੀ ਸਾਜ਼ਿਸ਼ ਬੇਨਕਾਬ ਕਰਨ ਲਈ ਪਾਰਟੀ ਮੈਂਬਰਾਂ ਨੂੰ ਵਧਾਈ ਦਿੱਤੀ।
ਉਧਰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਵਿਰੋਧੀ ਧਿਰ ਵਲੋਂ ਸੰਤ ਬਲਬੀਰ ਸਿੰਘ ਘੁੰਨਸ ਦਾ ਨਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਉਮੀਦਵਾਰ ਵਜੋਂ ਐਲਾਨਿਆ।
ਦਿੱਲੀ ਕਮੇਟੀ ਦੀ ਸਰਾਂ ਸ੍ਰੀ ਗੁਰੂ ਤੇਗ ਬਹਾਦਰ ਯਾਤਰੀ ਨਿਵਾਸ ਵਿਖੇ ਭਰਵੀਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਭ ਤੋਂ ਪਹਿਲਾਂ ਜੈਕਾਰਿਆਂ ਦੀ ਗੂੰਜ ਵਿਚ ਸੰਤ ਬਲਬੀਰ ਸਿੰਘ ਦਾ ਨਾਂ ਪੇਸ਼ ਕੀਤਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅੱਜ ਹੋਣ ਵਾਲੇ ਸ਼੍ਰੋਮਣੀ ਕਮੇਟੀ ਦੇ ਜਰਨਲ ਇਜਲਾਸ ਵਿਚ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟਾਂ ਪਾਉਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਬੋਲਣ ਵਾਲਿਆਂ ਨੂੰ ਪਾਰਟੀ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਬੀਬੀ ਨੇ ਅੱਗੇ ਕਿਹਾ ਕਿ ਸਾਡੀ ਲੜਾਈ ਕੁਰਸੀ ਦੀ ਨਹੀ ਬਲਕਿ ਸਿਧਾਂਤ ਦੀ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਿਆਦਾ ਨੂੰ ਢਾਹ ਲੱਗ ਰਹੀ ਹੈ।