ਸਾਨ ਫਰਾਂਸਿਸਕੋ ਵਿਖੇ ਕਿਸਾਨ ਅੰਦੋਲਨ ਦੀ ਹਮਾਇਤ ’ਚ ਭਾਰਤੀ ਕੌਂਸਲੇਟ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ

521
Share

-ਭਾਰਤ ’ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਕੀਤੀ ਗਈ ਅਰਦਾਸ
-ਖੇਤੀ ਕਾਨੂੰਨਾਂ ਵਿਰੁੱਧ ਅਮਰੀਕਾ ਸਮੇਤ ਕਈ ਵੱਡੇ ਮੁਲਕਾਂ ’ਚ ਹੋ ਰਹੇ ਨੇ ਮੁਜ਼ਾਹਰੇ

ਸਾਨ ਫਰਾਂਸਿਸਕੋ, 30 ਦਸੰਬਰ (ਪੰਜਾਬ ਮੇਲ)- ਭਾਰਤ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ’ਚ ਕੈਲੀਫੋਰਨੀਆ ਦੇ ਸ਼ਹਿਰ ਸਾਨ ਫਰਾਂਸਿਸਕੋ ਵਿਖੇ ਭਾਰਤੀ ਕੌਂਸਲੇਟ ਦੇ ਬਾਹਰ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਚ ਕੈਲੀਫੋਰਨੀਆ ਭਰ ਤੋਂ ਲੋਕ ਪਹੁੰਚੇ ਅਤੇ ਭਾਰਤ ਸਰਕਾਰ ਵੱਲੋਂ ਬਣਾਏ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਦਾ ਡੱਟ ਕੇ ਵਿਰੋਧ ਕੀਤਾ। ਕੌਂਸਲੇਟ ਦਫਤਰ ਦੇ ਸਾਹਮਣੇ ਇਕ ਵਿਸ਼ਾਲ ਸਟੇਜ ਸਥਾਪਤ ਕੀਤੀ ਗਈ। ਭਾਰਤ ’ਚ ਅੰਦੋਲਨ ਕਰ ਰਹੇ ਕਿਸਾਨਾਂ ਦੀ ਚੜ੍ਹਦੀ ਕਲਾ ਲਈ ਪਹਿਲਾਂ ਅਰਦਾਸ ਕੀਤੀ ਗਈ। ਉਪਰੰਤ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਭਾਰਤ ਸਰਕਾਰ ਨੂੰ ਕਿਹਾ ਗਿਆ ਕਿ ਕਿਸਾਨ ਵਿਰੋਧੀ ਬਿੱਲ ਜਲਦ ਤੋਂ ਜਲਦ ਰੱਦ ਕੀਤੇ ਜਾਣ। ਇਸ ਦੌਰਾਨ ਇਨ੍ਹਾਂ ਬਿੱਲਾਂ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ ਗਈ ਅਤੇ ਜੈਕਾਰੇ ਛੱਡੇ ਗਏ।
ਜ਼ਿਕਰਯੋਗ ਹੈ ਕਿ ਭਾਰਤ ਦੀ ਮੋਦੀ ਸਰਕਾਰ ਵੱਲੋਂ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 1 ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਬੈਠੇ ਹੋਏ ਹਨ। ਕੜਾਕੇ ਦੀ ਠੰਡ ਵੀ ਉਨ੍ਹਾਂ ਦੇ ਹੌਂਸਲੇ ਨੂੰ ਵੀ ਘੱਟ ਨਹੀਂ ਕਰ ਸਕੀ। ਭਾਰਤ ਤੋਂ ਬਾਅਦ ਇਸ ਵੇਲੇ ਦੁਨੀਆਂ ਦੇ ਸਾਰੇ ਵੱਡੇ ਵਿਕਸਿਤ ਦੇਸ਼ਾਂ ਵਿਚ ਵੀ ਕਿਸਾਨਾਂ ਅਤੇ ਹੋਰ ਇਨਸਾਫਪਸੰਦ ਲੋਕਾਂ ਵੱਲੋਂ ਕਿਸਾਨ ਅੰਦੋਲਨ ਦੀ ਭਰਵੀਂ ਹਮਾਇਤ ਕੀਤੀ ਜਾ ਰਹੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਅਮਰੀਕਾ ਤੋਂ ਇਲਾਵਾ ਹੋਰ ਅਨੇਕਾਂ ਮੁਲਕਾਂ ’ਚ ਕਿਸਾਨਾਂ ਦੇ ਹੱਕ ਵਿਚ ਵੱਡੇ ਮੁਜ਼ਾਹਰੇ ਅਤੇ ਰੋਸ ਧਰਨੇ ਹੋ ਰਹੇ ਹਨ। ਕੈਨੇਡਾ ਦੇ ਕਈ ਸ਼ਹਿਰ ’ਚ ਕਿਸਾਨਾਂ ਦੇ ਹੱਕ ’ਚ ਕਈ-ਕਈ ਵਾਰ ਟਰੈਕਟਰ-ਟਰਾਲੀ ਮਾਰਚ, ਰੋਸ ਧਰਨੇ ਅਤੇ ਮੋਮਬੱਤੀਆਂ ਜਗਾ ਕੇ ਹਮਾਇਤ ਕੀਤੀ ਜਾ ਰਹੀ ਹੈ। ਵੱਖ-ਵੱਖ ਸਰਕਾਰਾਂ ਦੇ ਮੁਖੀਆਂ ਤੋਂ ਇਲਾਵਾ ਅਮਰੀਕੀ ਕਾਂਗਰਸ ਦੇ 27 ਸੈਨੇਟਰਾਂ ਵੱਲੋਂ ਦੇਸ਼ ਦੇ ਵਿਦੇਸ਼ ਸਕੱਤਰ ਮਾਈਕ ਪੋਂਪੀਓ ਨੂੰ ਪੱਤਰ ਲਿਖ ਕੇ ਭਾਰਤ ਦੇ ਹਮਰੁਤਬਾ ਵਿਦੇਸ਼ ਮੰਤਰੀ ਨਾਲ ਕਿਸਾਨ ਮਾਮਲੇ ਉਠਾਏ ਜਾਣ ਦੀ ਅਪੀਲ ਕੀਤੀ ਗਈ ਹੈ। ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਕਿਸਾਨ ਸੰਘਰਸ਼ ਦੀ ਹਮਾਇਤ ਕਰ ਚੁੱਕੇ ਹਨ।


Share