#PUNJAB

ਸਾਬਕਾ ਉਪ ਮੁੱਖ ਮੰਤਰੀ ਸੋਨੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਜਾਰੀ

-ਚੱਲ ਤੇ ਅਚੱਲ ਜਾਇਦਾਦ ਦੀ ਮੁਲਾਂਕਣ ਰਿਪੋਰਟ ਦੀ ਉਡੀਕ
ਅੰਮ੍ਰਿਤਸਰ, 1 ਮਈ (ਪੰਜਾਬ ਮੇਲ)- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਖ਼ਿਲਾਫ਼ ਕਥਿਤ ਤੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੋਨੀ ਦੀ ਚੱਲ ਤੇ ਅਚੱਲ ਜਾਇਦਾਦ ਦੀ ਮੁਲਾਂਕਣ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ।
ਵਿਜੀਲੈਂਸ ਟੀਮਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਉਸ ਦੇ ਰਣਜੀਤ ਐਵੇਨਿਊ ਇਲਾਕੇ ਵਿਚ ਸਥਿਤ ਹੋਟਲ, ਏਅਰਪੋਰਟ ਰੋਡ ‘ਤੇ ਡੀ.ਆਰ. ਐਨਕਲੇਵ ਵਿਚ ਉਸਾਰੀ ਅਧੀਨ ਆਲੀਸ਼ਾਨ ਫਾਰਮ ਹਾਊਸ ਅਤੇ ਰਾਣੀ ਕਾ ਬਾਗ ਇਲਾਕੇ ਵਿਚ ਉਸ ਦੀ ਰਿਹਾਇਸ਼ ਦਾ ਜਾਇਜ਼ਾ ਲਿਆ ਸੀ। ਇਨ੍ਹਾਂ ਟੀਮਾਂ ਨੇ ਪਿੰਡ ਮੂਧਲ ਵਿਚ ਇੱਕ ਗੋਦਾਮ ਦਾ ਵੀ ਦੌਰਾ ਕੀਤਾ ਸੀ, ਜਿਸ ਦੀ ਮਲਕੀਅਤ ਸੀਨੀਅਰ ਕਾਂਗਰਸੀ ਆਗੂ ਦੀ ਦੱਸੀ ਗਈ ਸੀ। ਵਿਜੀਲੈਂਸ ਨੇ ਉਸ ਵਿਰੁੱਧ ਕਥਿਤ ਤੌਰ ‘ਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਸ਼ੁਰੂ ਕੀਤੀ ਸੀ। ਸਰਕਾਰ ਨੇ ਇਸ ਜਾਂਚ ਲਈ ਆਪਣੀ ਮਨਜ਼ੂਰੀ ਦਿੱਤੀ ਸੀ, ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਕਾਂਗਰਸੀ ਆਗੂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ। ਉਹ 29 ਨਵੰਬਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਏ ਅਤੇ ਵਿਜੀਲੈਂਸ ਨੇ ਉਸ ਨੂੰ ਆਪਣੀ ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ ਪੇਸ਼ ਕਰਨ ਲਈ ਕਿਹਾ ਸੀ। ਵਿਜੀਲੈਂਸ ਨੇ ਉਸ ਦੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ ਦੀ ਸੂਚੀ ਵੀ ਤਿਆਰ ਕੀਤੀ ਸੀ। ਜਨਵਰੀ ਵਿਚ ਚੰਡੀਗੜ੍ਹ ਤੋਂ ਵਿਜੀਲੈਂਸ ਟੀਮਾਂ ਨੇ ਪੀ.ਡਬਲਯੂ.ਡੀ. ਅਤੇ ਜੰਗਲਾਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਨਾਲ ਸੂਚੀਬੱਧ ਜਾਇਦਾਦਾਂ ਦਾ ਦੌਰਾ ਕਰ ਕੇ ਉਨ੍ਹਾਂ ਦਾ ਮੁਲਾਂਕਣ ਕੀਤਾ ਸੀ। ਇੱਕ ਵਿਜੀਲੈਂਸ ਅਧਿਕਾਰੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਉਹ ਜਾਇਦਾਦਾਂ ਦੇ ਮੁਲਾਂਕਣ ਦੀਆਂ ਰਿਪੋਰਟਾਂ ਦੀ ਉਡੀਕ ਕਰ ਰਹੇ ਹਨ, ਜੋ ਆਉਣ ਵਾਲੇ ਦਿਨਾਂ ਵਿਚ ਆਉਣ ਦੀ ਸੰਭਾਵਨਾ ਹੈ। ਮੁਲਾਂਕਣ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਐੱਸ.ਐੱਸ.ਪੀ. ਵਿਜੀਲੈਂਸ ਵਰਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਦੇ ਸਕਦੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਖ਼ਿਲਾਫ਼ ਹੈਂਡ ਸੈਨੇਟਾਈਜ਼ਰ ਘੁਟਾਲੇ ਦੇ ਦੋਸ਼ ਲੱਗੇ ਸਨ। ਉਸ ਵੇਲੇ ਇਸ ਦੀ ਖਰੀਦ ਅਸਲ ਕੀਮਤ ਨਾਲੋਂ ਵਧੇਰੇ ਕੀਮਤ ‘ਤੇ ਕੀਤੀ ਗਈ ਸੀ। ਦੂਜੇ ਪਾਸੇ ਸੋਨੀ ਪਹਿਲਾਂ ਹੀ ਸਾਰੇ ਦੋਸ਼ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਇਸ ਜਾਂਚ ਵਿਚ ਵਿਜੀਲੈਂਸ ਨੂੰ ਸਹਿਯੋਗ ਦੇਣਗੇ।

Leave a comment