#Featured

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਗ੍ਰਿਫ਼ਤਾਰ

-ਮੈਜਿਸਟ੍ਰੇਟ ਨੇ 30 ਅਕਤੂਬਰ ਤੱਕ ਨਿਆਂਇਕ ਹਿਰਾਸਤ ‘ਚ ਭੇਜਿਆ!
ਫਿਰੋਜ਼ਪੁਰ, 17 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਕਾਂਗਰਸ ਕਮੇਟੀ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਖ਼ਿਲਾਫ਼ ਬੀ.ਡੀ.ਪੀ.ਓ. ਦਫ਼ਤਰ ਵਿਚ ਧਰਨਾ ਦੇਣ ਅਤੇ ਕੰਮ ਵਿਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇੱਥੇ ਦੱਸ ਦੇਈਏ ਕਿ ਕੁਲਬੀਰ ਜ਼ੀਰਾ ਖ਼ੁਦ ਗ੍ਰਿਫ਼ਤਾਰੀ ਦੇਣ ਵਾਲੇ ਸਨ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਲਿਖਿਆ ਸੀ ਕਿ ਉਹ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦੇਣਗੇ, ਜਦੋਂਕਿ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਗ੍ਰਿਫ਼ਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਪੰਚ ਸਰਪੰਚ ਸਾਹਿਬਾਨਾਂ ਦੇ ਹੱਕ ਵਿਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਲਗਾਇਆ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ ਸੀ। ਬੀ.ਡੀ.ਪੀ.ਓ. ਦੀ ਸ਼ਿਕਾਇਤ ‘ਤੇ ਐੱਫ.ਆਈ.ਆਰ. ਦਰਜ ਹੋਈ ਸੀ। ਇੱਕ ਅਧਿਕਾਰੀ ਨੇ ਦੱਸਿਆ, ”ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਡਿਊਟੀ ਮੈਜਿਸਟ੍ਰੇਟ ਨੇ 30 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।” ਪੁਲਿਸ ਨੇ ਦੱਸਿਆ ਕਿ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਇੰਡੀਅਨ ਪੀਨਲ ਕੋਡ ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Leave a comment