ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਸਰਬਦੀਪ ਸਿੰਘ ਵਿਰਕ ਸਮੇਤ ਸੂਬੇ ਦੇ ਕਈ ਵਿਅਕਤੀ ਅੱਜ ਇੱਥੇ ਭਾਜਪਾ ਵਿਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੂਬੇ ਵਿਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸ਼੍ਰੀ ਵਿਰਕ, ਪੰਜਾਬ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਸਨਅਤਕਾਰ ਹਰਚਰਨ ਸਿੰਘ ਰਣੌਤਾ ਅਤੇ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਭਾਜਪਾ ਵਿਚ ਸ਼ਾਮਲ ਹੋਏ। ਪੰਜਾਬ ਦੀਆਂ ਕਈ ਨਾਮੀ ਸ਼ਖਸੀਅਤਾਂ ਪਿਛਲੇ ਕੁਝ ਦਿਨਾਂ ਵਿਚ ਭਾਜਪਾ ਵਿਚ ਸ਼ਾਮਲ ਹੋ ਗਈਆਂ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁਝ ਹੋਰ ਲੋਕਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ।