ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਖਿਲਾਫ ਦਰਜ ਕੇਸ ਨਾਲ ਸੰਬੰਧਤ ਸਾਰੇ ਮਾਮਲੇ ਇਕੋ ਅਦਾਲਤ ‘ਚ ਤਬਦੀਲ: ਸੁਣਵਾਈ 30 ਜੁਲਾਈ ਨੂੰ

727
Share

ਐੱਸ.ਏ.ਐੱਸ. ਨਗਰ (ਮੁਹਾਲੀ), 24 ਜੁਲਾਈ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਆਈ.ਏ.ਐੱਸ. ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇ.ਈ.) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਤੇ ਹੋਰ ਸੇਵਾਮੁਕਤ ਪੁਲੀਸ ਅਫ਼ਸਰਾਂ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਆਰਐੱਸ ਰਾਏ ਦੀ ਅਦਾਲਤ ਵਿੱਚ ਹੋਈ। ਪੰਜਾਬ ਸਰਕਾਰ ਵੱਲੋਂ ਸੈਣੀ ਕੇਸ ਦੀ ਪੈਰਵੀ ਲਈ ਨਿਯੁਕਤ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ, ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਕੁਝ ਦਿਨ ਪਹਿਲਾਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਸੈਣੀ ਖ਼ਿਲਾਫ਼ ਦਰਜ ਕੇਸ ਨਾਲ ਸਬੰਧਤ ਸਾਰੇ ਮਾਮਲੇ ਇੱਕੋ ਅਦਾਲਤ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਕੀਤੀ ਸੀ। ਪੀੜਤ ਪਰਿਵਾਰ ਅਤੇ ਸਰਕਾਰ ਦੀ ਅਪੀਲ ਨੂੰ ਮਨਜੂਰ ਕਰਦਿਆਂ ਸੈਸ਼ਨ ਜੱਜ ਨੇ ਸੈਣੀ ਕੇਸ ਨਾਲ ਸਬੰਧਤ ਸਾਰੇ ਮਾਮਲਿਆਂ ਦੀ ਸੁਣਵਾਈ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ (ਨਵੀਂ ਅਦਾਲਤ) ਵਿੱਚ ਤਬਦੀਲ ਕਰ ਦਿੱਤੀ ਹੈ ਅਤੇ ਸਾਰੀਆਂ ਧਿਰਾਂ ਨੂੰ 30 ਜੁਲਾਈ ਨੂੰ ਨਵੀਂ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਹੈ।
ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਮਾਮਲੇ ਵਿੱਚ ਨਾਮਜ਼ਦ ਯੂ.ਟੀ. ਪੁਲੀਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਅਨੋਖ ਸਿੰਘ ਅਤੇ ਜਗੀਰ ਸਿੰਘ ਨੂੰ ਪੱਕੀ ਜ਼ਮਾਨਤ ਦੀ ਅਰਜ਼ੀ ‘ਤੇ ਵੀ ਸੁਣਵਾਈ ਹੁਣ ਨਵੀਂ ਅਦਾਲਤ ਵਿੱਚ 30 ਜੁਲਾਈ ਨੂੰ ਹੋਵੇਗੀ। ਇਹ ਦੋਵੇਂ ਸਾਬਕਾ ਅਧਿਕਾਰੀ ਚੰਡੀਗੜ੍ਹ ਵਿੱਚ ਸੈਣੀ ਨਾਲ ਤਾਇਨਾਤ ਰਹੇ ਹਨ।


Share