#PUNJAB

ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਜੀਲੈਂਸ ਤਫ਼ਤੀਸ਼ ‘ਚ ਸ਼ਾਮਲ ਹੋਣ ਤੋਂ ਅਸਮਰੱਥਾ ਪ੍ਰਗਟਾਈ

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਜੀਲੈਂਸ ਬਿਊਰੋ ਵੱਲੋਂ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਤਫ਼ਤੀਸ਼ ਵਿਚ ਸ਼ਾਮਲ ਹੋਣ ਤੋਂ ਅਸਮਰੱਥਾ ਪ੍ਰਗਟਾਈ ਹੈ। ਬਿਊਰੋ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਨੇ ਨਾ ਟਾਲੇ ਜਾਣ ਵਾਲੇ ਹਾਲਾਤ ਦਾ ਹਵਾਲਾ ਦਿੰਦਿਆਂ 12 ਅਪ੍ਰੈਲ ਨੂੰ ਪੇਸ਼ ਹੋਣ ਤੋਂ ਅਸਮਰੱਥਾ ਜਤਾਈ ਅਤੇ 20 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ। ਇਸ ਅਧਿਕਾਰੀ ਦਾ ਕਹਿਣਾ ਹੈ ਕਿ ਸ਼੍ਰੀ ਚੰਨੀ ਤੋਂ ਹੁਣ 20 ਅਪ੍ਰੈਲ ਨੂੰ ਪੁੱਛ-ਪੜਤਾਲ ਕੀਤੀ ਜਾਵੇਗੀ। ਵਿਜੀਲੈਂਸ ਸੂਤਰਾਂ ਦਾ ਦੱਸਣਾ ਹੈ ਕਿ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਜਾ ਰਹੀ ਹੈ, ਤਾਂ ਜੋ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ।
ਬਿਊਰੋ ਦੇ ਰੋਪੜ ਯੂਨਿਟ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਸਾਬਕਾ ਮੁੱਖ ਮੰਤਰੀ ਖਿਲਾਫ਼ ਭ੍ਰਿਸ਼ਟਾਚਾਰ ਅਤੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲਿਆਂ ਦੀ ਜਾਂਚ ਆਰੰਭੀ ਗਈ ਸੀ। ਮਹੱਤਵਪੂਰਨ ਤੱਥ ਇਹ ਹੈ ਕਿ ਵਿਜੀਲੈਂਸ ਨੇ ਪਿਛਲੇ ਛੇ ਸਾਲਾਂ ਦੌਰਾਨ ਪਹਿਲੀ ਵਾਰ ਕਿਸੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਜਾਂਚ ਆਰੰਭੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਪ੍ਰਾਹੁਣਚਾਰੀ ਵਿਭਾਗ ਨਾਲ ਸਬੰਧਤ ਇਕ ਮਾਮਲੇ ਦੀ ਵੀ ਜਾਂਚ ਸ਼ੁਰੂ ਕੀਤੀ ਸੀ ਤੇ ਇਸ ਮਾਮਲੇ ਨੂੰ ਵੀ ਚਰਨਜੀਤ ਚੰਨੀ ਨਾਲ ਹੀ ਜੋੜ ਕੇ ਦੇਖਿਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਦੇ ਇਕ ਕਰੀਬੀ ਸਰਪੰਚ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪਿਛਲੇ ਮਹੀਨਿਆਂ ਦੌਰਾਨ ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਦੁਆਲੇ ਜਾਂਚ ਦਾ ਘੇਰਾ ਚੌੜਾ ਕੀਤਾ ਹੈ। ਇਸ ਦੇ ਨਾਲ ਹੀ ਬਿਊਰੋ ਨੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਲੁਕਆਊਟ ਸਰਕੁਲਰ ਵੀ ਜਾਰੀ ਕਰਵਾਇਆ ਹੋਇਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਸ ਸਮੇਂ 20 ਦੇ ਕਰੀਬ ਕਾਂਗਰਸੀ ਆਗੂਆਂ, ਜਿਨ੍ਹਾਂ ਵਿਚ ਸਾਬਕਾ ਮੰਤਰੀ ਤੇ ਵਿਧਾਇਕ ਸ਼ਾਮਲ ਹਨ, ਵਿਰੁੱਧ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਚੱਲ ਰਹੀ ਹੈ।
ਜਲੰਧਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਸਿਰ ‘ਤੇ ਹੋਣ ਕਾਰਨ ਕਾਂਗਰਸੀਆਂ ਵਿਚ ਸਹਿਮ ਦਾ ਮਹੌਲ ਹੈ। ਸੂਤਰਾਂ ਦਾ ਦੱਸਣਾ ਹੈ ਕਿ ਜ਼ਿਮਨੀ ਚੋਣ ਦੇ ਦਿਨਾਂ ਦੌਰਾਨ ਸਰਕਾਰ ਵੱਲੋਂ ਵਿਜੀਲੈਂਸ ਦੀਆਂ ਗਤੀਵਿਧੀਆਂ ਵਧਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਸੰਭਾਵਨਾ ਹੈ ਕਿ ਇਸ ਦਾ ਸਭ ਤੋਂ ਪਹਿਲਾਂ ਨਿਸ਼ਾਨਾ ਕਾਂਗਰਸ ਦੇ ਆਗੂ ਹੀ ਬਣਨਗੇ।

Leave a comment