#PUNJAB

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਮਿਲੀ ਪੱਕੀ ਜ਼ਮਾਨਤ

ਚੰਡੀਗੜ੍ਹ, 18 ਮਈ (ਪੰਜਾਬ ਮੇਲ)-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੁੱਧਵਾਰ ਇਸ ਮਾਮਲੇ ਵਿਚ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਧਰਮਸੋਤ ਦੀ ਜ਼ਮਾਨਤ ‘ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਇਸ ਮਾਮਲੇ ਵਿਚ ਉਨ੍ਹਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ। ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਏ. ਪੀ. ਐੱਸ. ਦਿਓ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਜੀਲੈਂਸ ਨੇ ਸਿਆਸੀ ਦੁਸ਼ਮਣੀ ਕਾਰਨ ਇਹ ਸਾਰਾ ਕੇਸ ਦਰਜ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਕੇਸ ਦਰਜ ਕਰਕੇ 6 ਫਰਵਰੀ ਨੂੰ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ 5 ਮਾਰਚ ਨੂੰ ਮੋਹਾਲੀ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਜੰਗਲਾਤ ਘਪਲੇ ਵਿਚ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਇਸ ਮਾਮਲੇ ਵਿਚ ਉਨ੍ਹਾਂ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਚੁੱਕੀ ਹੈ। ਇਸ ਮਾਮਲੇ ਵਿਚ ਧਰਮਸੋਤ ਤੋਂ ਇਲਾਵਾ ਕਾਂਗਰਸੀ ਆਗੂ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਜੁੜਿਆ ਹੋਇਆ ਹੈ।

Leave a comment