#PUNJAB

ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਮਾਨਤ ਮਿਲਣ ਮਗਰੋਂ ਰਿਹਾਅ

ਰੂਪਨਗਰ, 24 ਅਕਤੂਬਰ (ਪੰਜਾਬ ਮੇਲ)- ਜ਼ਿਲ੍ਹਾ ਜੇਲ੍ਹ ਰੂਪਨਗਰ ‘ਚ ਬੰਦ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਜੇਲ੍ਹ ਰੂਪਨਗਰ ‘ਚ ਬੰਦ ਸਨ। ਉਨ੍ਹਾਂ ਨੂੰ 7/51 ਦੀ ਧਾਰਾ ਤਹਿਤ ਕਈ ਦਿਨ ਜੇਲ੍ਹ ‘ਚ ਰਹਿਣਾ ਪਿਆ। ਸਾਬਕਾ ਵਿਧਾਇਕ ਜ਼ੀਰਾ ਨੂੰ ਸੁਰੱਖਿਆ ਅਤੇ ਵਿਗੜ ਰਹੇ ਮਾਹੌਲ ਦੀ ਆੜ ‘ਚ ਜਾਣਬੁੱਝ ਕੇ ਫਿਰੋਜ਼ਪੁਰ ਜੇਲ੍ਹ ਤੋਂ ਰੂਪਨਗਰ ਜੇਲ੍ਹ ‘ਚ ਸ਼ਿਫਟ ਕੀਤਾ ਗਿਆ ਸੀ।
ਉਨ੍ਹਾਂ ਨੂੰ ਬੀ.ਡੀ.ਪੀ.ਓ. ਜ਼ੀਰਾ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਨ ਤੋਂ ਬਾਅਦ ਘਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਜ਼ੀਰਾ ਨੂੰ ਅਦਾਲਤ ਵੱਲੋਂ ਇਕ ਕੇਸ ‘ਚ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਹੁਣ ਉਹ ਧਾਰਾ 7/51 ਤਹਿਤ ਰੂਪਨਗਰ ਜੇਲ੍ਹ ‘ਚ ਬੰਦ ਸਨ। ਅਦਾਲਤ ਵੱਲੋਂ ਉਨ੍ਹਾਂ ਨੂੰ ਜ਼ਮਾਨਤ ਦੇਣ ਉਪਰੰਤ ਜ਼ਿਲ੍ਹਾ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਇਸ ਮੌਕੇ ਕੌਂਸਲਰ ਪੋਮੀ ਸੋਨੀ ਖਾਸ ਤੌਰ ‘ਤੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਸਨ।
ਜ਼ਿਕਰਯੋਗ ਹੈ ਕਿ 11 ਤੋਂ 12 ਅਕਤੂਬਰ ਤੱਕ ਜ਼ੀਰਾ ਨੇ ਆਪਣੇ ਸਾਥੀਆਂ ਸਣੇ ਪੰਚਾਂ-ਸਰਪੰਚਾਂ ਦੇ ਹੱਕ ਵਿੱਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਦਿੱਤਾ ਸੀ। ਇਸ ਦੌਰਾਨ ਉਹ ਆਪਣੇ ਸਾਥੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਅੰਦਰ ਚਲੇ ਗਏ ਸਨ। ਕੁਲਬੀਰ ਜ਼ੀਰਾ ਨੇ ਸਰਕਾਰੀ ਕੰਮ ਵਿਚ ਦਖਲਅੰਦਾਜ਼ੀ ਕਰਨ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਨਾਲ ਦੁਰਵਿਵਹਾਰ ਵੀ ਕੀਤਾ ਸੀ। ਬੀ.ਡੀ.ਪੀ.ਓ. ਦੀ ਸ਼ਿਕਾਇਤ ‘ਤੇ ਐੱਫ.ਆਈ.ਆਰ. ਦਰਜ ਹੋਈ ਸੀ, ਜਿਸ ਤੋਂ ਬਾਅਦ ਜ਼ੀਰਾ ਨੂੰ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਗਿਆ ਸੀ।

Leave a comment