ਸਾਬਕਾ ਸਪੀਕਰ ਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ’ਚ ਸ਼ਾਮਲ

125
Share

ਮੁਹਾਲੀ, 17 ਜਨਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ’ਚ ਸ਼ਾਮਲ ਹੋ ਗਏ।
ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ’ਚ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਨਸ਼ਿਆਂ ਦੇ ਮਾਮਲੇ ਵਿਚ ਨਾਂ ਆਉਣ ਤੋਂ ਬਾਅਦ ਕੁੱਝ ਸਮਾਂ ਪਹਿਲਾਂ ਸਰਵਣ ਸਿੰਘ ਫਿਲੌਰ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਅੱਜ ਉਹ ਕਾਂਗਰਸ ਨੂੰ ਅਲਵਿਦਾ ਆਖ ਕੇ ਮੁੜ ਆਪਣੇ ਪੁਰਾਣੇ ਸਾਥੀ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚ ਸ਼ਾਮਲ ਹੋ ਗਏ ਹਨ।
ਇਹ ਐਲਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਚ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਤਲਵੰਡੀ ਦੀ ਮੌਜੂਦਗੀ ਵਿਚ ਕੀਤਾ। ਇਸ ਮੌਕੇ ਉਨ੍ਹਾਂ ਦੇ ਪੁੱਤਰ ਦਮਨਜੀਤ ਸਿੰਘ ਤੇ ਹੋਰ ਸਮਰਥਕ ਵੀ ਹਾਜ਼ਰ ਸਨ। ਢੀਂਡਸਾ ਨੇ ਪਾਰਟੀ ਵਿਚ ਸ਼ਾਮਲ ਹੋਣ ’ਤੇ ਸ਼੍ਰੀ ਫਿਲੌਰ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ਼੍ਰੀ ਢੀਂਡਸਾ ਨੇ ਕਿਹਾ ਕਿ ਫਿਲੌਰ ਦੇ ਉਨ੍ਹਾਂ ਦੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਸੰਯੁਕਤ ਦਲ ਵਧੇਰੇ ਮਜ਼ਬੂਤ ਹੋਵੇਗਾ।

Share