#PUNJAB

ਸਿਆਸਤਦਾਨਾਂ, ਅਦਾਕਾਰਾਂ ਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਲੋਕਾਂ ਤੋਂ ਵਸੂਲਿਆ ਜਾਣਾ ਚਾਹੀਦਾ ਸੁਰੱਖਿਆ ਖ਼ਰਚਾ : ਹਾਈ ਕੋਰਟ

ਨਿੱਜੀ ਸੁਰੱਖਿਆ ਲਈ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ‘ਤੇ ਹਰਿਆਣਾ ਅਤੇ ਚੰਡੀਗੜ੍ਹ ਨੂੰ ਨੋਟਿਸ ਜਾਰੀ
ਚੰਡੀਗੜ੍ਹ, 16 ਮਈ (ਪੰਜਾਬ ਮੇਲ)- ਰਾਜਨੀਤਿਕ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਉਦਯੋਗ ਨਾਲ ਜੁੜੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹੋਏ ਇਸ ਦੇ ਖ਼ਰਚੇ ਪਾਰਟੀਆਂ, ਸੰਸਥਾਵਾਂ ਅਤੇ ਹੋਰਨਾਂ ਤੋਂ ਵਸੂਲਣ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਝਾਅ ਦਿੱਤਾ ਹੈ। ਪੰਜਾਬ ਨਾਲ ਸੰਬੰਧਿਤ ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਹੁਣ ਚੰਡੀਗੜ੍ਹ ਤੇ ਹਰਿਆਣਾ ਨੂੰ ਵੀ ਧਿਰ ਬਣਾਉਂਦਿਆਂ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 2019 ਵਿਚ, ਇਕ ਅਪਰਾਧਿਕ ਕੇਸ ਵਿਚ ਇਕ ਗਵਾਹ ਨੂੰ ਸੁਰੱਖਿਆ ਦਿੱਤੀ ਗਈ ਸੀ, ਹੁਣ ਤੱਕ ਕੇਸ ਵਿਚ ਸਿਰਫ਼ ਇਕ ਗਵਾਹੀ ਹੋਈ ਹੈ। ਜਦੋਂ ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਹਾਈ ਕੋਰਟ ਪੁੱਜੀ ਤਾਂ ਅਦਾਲਤ ਨੇ ਕਿਹਾ ਸੀ ਕਿ ਸੁਰੱਖਿਆ ਦੀ ਮੰਗ ਸਟੇਟਸ ਸਿੰਬਲ ਦੀ ਖ਼ਾਤਰ ਕੀਤੀ ਜਾ ਰਹੀ ਹੈ। ਟੈਕਸਦਾਤਾਵਾਂ ਦੇ ਪੈਸੇ ਦੀ ਵਰਤੋਂ ਕਰਕੇ ਰਾਜ ਦੇ ਖ਼ਰਚ ‘ਤੇ ਕੋਈ ਵਿਸ਼ੇਸ਼ ਅਧਿਕਾਰ ਪ੍ਰਾਪਤ ਵਰਗ ਨਹੀਂ ਬਣਾਇਆ ਜਾ ਸਕਦਾ। ਹਾਈ ਕੋਰਟ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਹਲਫ਼ਨਾਮਾ ਦਾਇਰ ਕਰਕੇ 2013 ਦੀ ਸੁਰੱਖਿਆ ਨੀਤੀ ਬਾਰੇ ਪੁੱਛਿਆ ਸੀ ਕਿ ਜਿਨ੍ਹਾਂ ਲੋਕਾਂ ਨੂੰ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਦੀ ਸਮੀਖਿਆ ਦਾ ਸਮਾਂ ਕੀ ਹੈ। ਵੀ.ਆਈ.ਪੀ., ਵੀ.ਵੀ.ਆਈ.ਪੀ., ਆਮ ਨਾਗਰਿਕਾਂ ਸਮੇਤ ਕਿੰਨੇ ਵਿਅਕਤੀਆਂ ਨੂੰ ਇਸ ਵੇਲੇ ਵੱਖ-ਵੱਖ ਸ਼੍ਰੇਣੀਆਂ ਅਧੀਨ ਕਿੰਨੇ ਸੁਰੱਖਿਆ ਕਰਮਚਾਰੀ ਨਿਯੁਕਤ ਕੀਤੇ ਗਏ ਹਨ। ਕਿੰਨੇ ਲੋਕਾਂ ਨੂੰ ਅਦਾਇਗੀ ‘ਤੇ ਸੁਰੱਖਿਆ ਅਤੇ ਕਿੰਨਿਆਂ ਨੂੰ ਰਾਜ ਦੇ ਖ਼ਰਚੇ ‘ਤੇ ਸੁਰੱਖਿਆ ਦਿੱਤੀ ਗਈ ਹੈ। ਇਸ ਮਾਮਲੇ ਵਿਚ ਡੀ.ਜੀ.ਪੀ. ਦੇ ਹਲਫ਼ਨਾਮੇ ਵਿਚ ਸੁਰੱਖਿਆ ਲਈ ਖਰਚਾ ਵਸੂਲਣ ਦਾ ਕੋਈ ਜ਼ਿਕਰ ਨਹੀਂ ਸੀ, ਜਿਸ ‘ਤੇ ਹਾਈ ਕੋਰਟ ਨੇ ਹੈਰਾਨੀ ਪ੍ਰਗਟਾਈ।
ਸੂਬਾ ਸਰਕਾਰ ਨੇ ਕਿਹਾ ਕਿ ਹੁਣ ਇਸ ਲਈ ਮਿਆਰੀ ਸੰਚਾਲਨ ਪ੍ਰਕਿਰਿਆ ਤਿਆਰ ਕੀਤੀ ਜਾ ਰਹੀ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਦੀ ਤਿਆਰੀ ਕਰਦੇ ਸਮੇਂ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਸਿਆਸੀ ਪਾਰਟੀਆਂ, ਧਾਰਮਿਕ ਸੰਸਥਾਵਾਂ ਅਤੇ ਮਨੋਰੰਜਨ ਜਗਤ ਦੇ ਲੋਕਾਂ ਨੂੰ ਸੁਰੱਖਿਆ ਦਿੰਦੇ ਹੋਏ ਖ਼ਰਚ ਦੀ ਉਨ੍ਹਾਂ ਤੋਂ ਵਸੂਲੀ ਕੀਤੀ ਜਾਵੇ, ‘ਸਟੈਂਡਰਡ ਓਪਰੇਟਿੰਗ’ ਵਿਧੀ ਨੂੰ ਤਿਆਰ ਕਰਦੇ ਸਮੇਂ ਇਸ ਪਹਿਲੂ ਨੂੰ ਵੀ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ, ਨਾਲ ਹੀ, ਜੋ ਲੋਕ ਦੂਜੇ ਰਾਜਾਂ ਵਿਚ ਰਹਿ ਰਹੇ ਹਨ ਜਾਂ ਲੰਬੇ ਸਮੇਂ ਤੱਕ ਰਹੇ ਹਨ, ਉਨ੍ਹਾਂ ਲੋਕਾਂ ਦੀ ਸੁਰੱਖਿਆ ਬਾਰੇ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ।
ਹਾਈ ਕੋਰਟ ਨੇ ਕਿਹਾ ਕਿ ਮਹਾਰਾਸ਼ਟਰ ‘ਚ ਵੀ ਸੁਰੱਖਿਆ ਲਈ ਖਰਚੇ ਦੀ ਵਸੂਲੀ ਦਾ ਪ੍ਰਬੰਧ ਹੈ। ਹਾਈ ਕੋਰਟ ਨੇ ਕਿਹਾ ਕਿ ਇਹ ਮੁੱਦਾ ਹਰਿਆਣਾ ਅਤੇ ਚੰਡੀਗੜ੍ਹ ਲਈ ਵੀ ਅਹਿਮ ਹੈ ਅਤੇ ਅਜਿਹੇ ‘ਚ ਇਸ ਮਾਮਲੇ ‘ਚ ਦੋਵਾਂ ਨੂੰ ਧਿਰ ਬਣਾਉਣਾ ਜ਼ਰੂਰੀ ਹੈ। ਹਾਈ ਕੋਰਟ ਨੇ ਦੋਵਾਂ ਨੂੰ ਧਿਰ ਬਣਾਉਂਦੇ ਹੋਏ ਹੁਣ ਇਸ ਵਿਸ਼ੇ ‘ਤੇ ਅਗਲੀ ਸੁਣਵਾਈ ‘ਤੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।