ਸਿਮਰਨਜੀਤ ਸਿੰਘ ਮਾਨ ਦੀ ਹਾਲਤ ਵਿਗੜੀ: ਰਾਜਿੰਦਰਾ ਹਸਪਤਾਲ ’ਚ ਦਾਖਲ

33
Share

-ਕਰੋਨਾ ਰਿਪੋਰਟ ਆਈ ਸੀ ਪਾਜ਼ੀਟਿਵ
ਪਟਿਆਲਾ, 29 ਜੂਨ (ਪੰਜਾਬ ਮੇਲ)- ਸੰਗਰੂਰ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਜਿੱਤੇ ਬਜ਼ੁਰਗ ਆਗੂ ਸਿਮਰਨਜੀਤ ਸਿੰਘ ਮਾਨ ਦੀ ਹਾਲਤ ਜ਼ਿਆਦਾ ਵਿਗੜ ਜਾਣ ਕਾਰਨ ਰਾਜਿੰਦਰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹ ਪਿਛਲੇ ਦਿਨੀਂ ਦੌਰਾਨ ਕਰੋਨਾ ਤੋਂ ਪੀੜਤ ਪਾਏ ਗਏ ਸੀ।
ਜ਼ਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ’ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਇਸ ਤੋਂ ਪਹਿਲਾਂ 1999 ’ਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ’ਚ ਮਾਤ ਖਾ ਗਈ ਹੈ।
ਕੁੱਲ ਪਈਆਂ 7,08,448 ਵੋਟਾਂ ਵਿਚੋਂ ਸਿਮਰਨਜੀਤ ਸਿੰਘ ਮਾਨ ਨੂੰ 2,53,154 ਵੋਟਾਂ ਮਿਲੀਆਂ, ਜਦਕਿ ਉਨ੍ਹਾਂ ਦੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 2,47,332 ਵੋਟਾਂ ਪ੍ਰਾਪਤ ਹੋਈਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ 79,668 ਵੋਟਾਂ ਪ੍ਰਾਪਤ ਕਰਕੇ ਤੀਜੇ, ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ 66,298 ਵੋਟਾਂ ਨਾਲ ਚੌਥੇ ਅਤੇ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਸਿਰਫ਼ 44,428 ਵੋਟਾਂ ਪ੍ਰਾਪਤ ਕਰਕੇ ਪੰਜਵੇਂ ਸਥਾਨ ’ਤੇ ਰਹੇ। ਚੋਣ ਕਮਿਸ਼ਨ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਨੂੰ 35.61 ਫੀਸਦੀ, ਆਮ ਆਦਮੀ ਪਾਰਟੀ ਨੂੰ 34.79 ਫੀਸਦੀ, ਕਾਂਗਰਸ ਪਾਰਟੀ ਨੂੰ 11.21 ਫੀਸਦੀ, ਭਾਜਪਾ ਨੂੰ 9.33 ਫੀਸਦੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 6.25 ਫੀਸਦੀ ਵੋਟ ਮਿਲੀ ਹੈ। ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਲੜ ਰਹੇ ਕੁੱਲ 16 ਉਮੀਦਵਾਰਾਂ ਵਿਚੋਂ ਬਹੁਤਿਆਂ ਦੀ ਜ਼ਮਾਨਤ ਜ਼ਬਤ ਹੋ ਗਈ। ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੀ ਆਪਣੀਆਂ ਜ਼ਮਾਨਤਾਂ ਨਹੀਂ ਬਚਾ ਸਕੇ। ਸਭ ਤੋਂ ਅਹਿਮ ਪੱਖ ਇਹ ਹੈ ਕਿ 101 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਦੇ ਉਮੀਦਵਾਰਾਂ ਵਿਚੋਂ ਸਭ ਤੋਂ ਪਿੱਛੇ ਰਹੇ ਹਨ। ਭਾਜਪਾ ਉਮੀਦਵਾਰ ਵੀ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਤੋਂ ਵੱਧ ਵੋਟਾਂ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ ਹੈ।

Share