ਸਿਰਫ ਪੰਜਾਬ ’ਚ ਭਾਜਪਾ ਲੀਡਰਾਂ ਨੂੰ ਮਿਲੇਗੀ ਕੇਂਦਰੀ ਸੁਰੱਖਿਆ

339
Share

-ਚੋਣ ਪ੍ਰਚਾਰ ਦੌਰਾਨ ਭਾਜਪਾ ਆਗੂਆਂ ਦਾ ਸੁਰੱਖਿਆ ਘੇਰਾ ਹੋਵੇਗਾ ਸਖ਼ਤ
ਨਵੀਂ ਦਿੱਲੀ, 19 ਜਨਵਰੀ (ਪੰਜਾਬ ਮੇਲ)- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਸੁਰੱਖਿਆ ਸਥਿਤੀ ਦੀ ਸਮੀਖਿਆ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਸੂਬਾ ਦੇ ਭਾਜਪਾ ਦੇ ਕਈ ਅਹਿਮ ਨੇਤਾਵਾਂ ਨੂੰ ਕੇਂਦਰੀ ਸੁਰੱਖਿਆ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਚੋਣ ਪ੍ਰਚਾਰ ਦੌਰਾਨ ਕੁਝ ਕੇਂਦਰੀ ਮੰਤਰੀਆਂ ਤੇ ਭਾਜਪਾ ਨੇਤਾਵਾਂ ਦਾ ਸੁਰੱਖਿਆ ਘੇਰਾ ਹੋਰ ਸਖ਼ਤ ਕੀਤਾ ਜਾਵੇਗਾ। ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਇਨ੍ਹਾਂ ਨੇਤਾਵਾਂ ਦੇ ਨਾਂ ਜਨਤਕ ਨਹੀਂ ਕੀਤੇ ਗਏ ਹਨ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਕੌਮੀ ਸਵੈ-ਸੇਵਕ ਸੰਘ ਦੇ ਨੇਤਾਵਾਂ, ਭਾਜਪਾ ’ਚ ਸ਼ਾਮਲ ਹੋਏ ਦੂਸਰੀਆਂ ਪਾਰਟੀਆਂ ਦੇ ਨੇਤਾਵਾਂ ਤੇ ਧਾਰਮਿਕ ਸੰਗਠਨਾਂ ਨਾਲ ਜੁੜੇ ਲੋਕਾਂ ਨੂੰ ਵੀ ਵੀ.ਆਈ.ਪੀ. ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ।¿;
ਕੇਂਦਰ ਦਾ ਇਹ ਕਦਮ ਖ਼ੁਫ਼ੀਆ ਏਜੰਸੀਆਂ ਦੇ ਇਨਪੁਟ ਤੋਂ ਬਾਅਦ ਆਇਆ ਹੈ। ਖ਼ੁਫ਼ੀਆ ਇਨਪੁਟ ਦੇ ਹਵਾਲੇ ਨਾਲ ਸੁਰੱਖਿਆ ਵਿਵਸਥਾ ਦੇ ਸੂਤਰਾਂ ਨੇ ਕਿਹਾ ਕਿ ਆਈ.ਐੱਸ.ਆਈ. ਸਪਾਂਸਰ ਸੰਗਠਨ ਚੋਣ ਰੈਲੀਆਂ ਨੂੰ ਨਿਸ਼ਾਨਾ ਬਣਾ ਸਕਦੇ ਹਨ। ਉਹ ਪੰਜਾਬ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਦੇ ਕੁਝ ਹਿੱਸਿਆਂ ’ਚ ਚੋਣ ਪ੍ਰਚਾਰ ਦੌਰਾਨ ਅਹਿਮ ਨੇਤਾਵਾਂ ਜਾਂ ਵੀ.ਵੀ.ਆਈ.ਪੀਜ਼ ਨੂੰ ਮਾਰਨ ਦੀ ਵੀ ਕੋਸ਼ਿਸ਼ ਕਰ ਸਕਦੇ ਹਨ।
ਹਾਲ ਹੀ ’ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਦਿੱਲੀ ਤੇ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਨੂੰ ਵਾਈ ਸ਼੍ਰੇਣੀ ਤੋਂ ਵਧਾ ਕੇ ਜ਼ੈੱਡ ਕਰ ਦਿੱਤਾ ਗਿਆ ਹੈ। ਉਹ ਭਾਜਪਾ ਦੇ ਪੰਜਾਬ ਦੇ ਚੋਣ ਇੰਚਾਰਜ ਵੀ ਹਨ।

Share