ਸਿੰਘੂ ਬਾਰਡਰ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ ਬਣਾਈ 3 ਮੈਂਬਰੀ ਟੀਮ

450
Share

-ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਮੀਟਿੰਗ ’ਚ ਲਿਆ ਫ਼ੈਸਲਾ
ਅੰਮਿ੍ਰਤਸਰ, 20 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਨੇ ਅੱਜ ਇੱਥੇ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੀਟਿੰਗ ਵਿਚ ਇਸ ਘਟਨਾ ਬਾਰੇ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਅੰਤਿ੍ਰੰਗ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਆਉਂਦੀ ਸੰਗਤ ਦੀ ਰਿਹਾਇਸ਼ ਦੀ ਸਹੂਲਤ ਲਈ 1500 ਕਮਰਿਆਂ ਦੀ ਨਵੀਂ ਸਰਾਂ ਬਣਾਉਣ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫ਼ੀਸਦੀ ਮਹਿੰਗਾਈ ਭੱਤਾ ਦੇਣ ਦੇ ਫ਼ੈਸਲੇ ਨੂੰ ਵੀ ਹਰੀ ਝੰਡੀ ਦਿੱਤੀ ਹੈ। ਇਸ ਦੌਰਾਨ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਹਰਿਮੰਦਰ ਸਾਹਿਬ ਬਾਰੇ ਕੀਤੀ ਟਿੱਪਣੀ ਦੀ ਨਿਖੇਧੀ ਕੀਤੀ ਗਈ ਹੈ।
ਅੰਤਿ੍ਰਗ ਕਮੇਟੀ ਦੀ ਮੀਟਿੰਗ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਦਿੱਲੀ ਦੇ ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਉਨ੍ਹਾਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਬਦਨਾਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਆਪਣੇ ਪੱਧਰ ’ਤੇ ਵੀ ਸ਼੍ਰੋਮਣੀ ਕਮੇਟੀ ਨੇ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।
ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਟਿੱਪਣੀ ਦੀ ਨਿਖੇਧੀ ਕਰਦਿਆਂ ਆਖਿਆ ਕਿ ਉਸ ਨੇ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ।
ਅੰਤਿ੍ਰੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪਿ੍ਰੰਸੀਪਲ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮਿ੍ਰਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਸ਼ਰਧਾਂਜਲੀ ਭੇਟ ਕੀਤੀ।

Share