#PUNJAB

ਸਿੱਖਾਂ ਦੇ ਕਾਤਲਾਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਮਿਲੇ : ਮਾਨ

ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਪੰਜਾਬ ਮੇਲ)- ਸ਼ਹੀਦੀ ਸਭਾ ਦੇ ਦੂਜੇ ਦਿਨ ਕੀਤੀ ਸਿਆਸੀ ਕਾਨਫਰੰਸ ਦੌਰਾਨ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਹਿਬਜ਼ਾਦਿਆਂ ਨੇ ਜ਼ਾਲਮ ਹੁਕਮਰਾਨ ਦੇ ਜਬਰ ਅੱਗੇ ਸੀਸ ਨਾ ਝੁਕਾਉਂਦਿਆਂ ਸ਼ਹਾਦਤਾਂ ਦੇ ਕੇ ਖਾਲਸਾ ਪੰਥ ਦੇ ਇਸ ਮਨੁੱਖਤਾ ਪੱਖੀ ਬੂਟੇ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ, ”ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਾਨੂੰ ਹਰ ਤਰ੍ਹਾਂ ਦੇ ਜਬਰ-ਜ਼ੁਲਮ ਤੇ ਬੇਇਨਸਾਫ਼ੀਆਂ ਵਿਰੁੱਧ ਦ੍ਰਿੜ੍ਹਤਾ ਨਾਲ ਆਵਾਜ਼ ਬੁਲੰਦ ਕਰਨ ਅਤੇ ਆਪਣੇ ਹੱਕਾਂ ਲਈ ਜੂਝਣ ਦਾ ਸੁਨੇਹਾ ਦਿੱਤਾ ਹੈ, ਇਸ ਲਈ ਉਨ੍ਹਾਂ ਦੇ ਦਰਸਾਏ ਰਾਹ ‘ਤੇ ਚੱਲਦੇ ਹੋਏ ਸਿੱਖ ਕੌਮ ਨਾਲ ਹੋ ਰਹੀਆਂ ਜ਼ਿਆਦਤੀਆਂ ਤੇ ਬੇਇਨਸਾਫ਼ੀਆਂ ਦਾ ਅੰਤ ਕਰਨ ਲਈ ਸੰਘਰਸ਼ ਜਾਰੀ ਰਹੇਗਾ। ਸ. ਮਾਨ ਨੇ ਦੋਸ਼ ਲਾਇਆ ਕਿ ਕੌਮੀ ਸੁਰੱਖਿਆ ਸਲਾਹਕਾਰ ਅਤੇ ਖੁਫੀਆ ਏਜੰਸੀਆਂ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਸਿੱਖ ਕੌਮ ਦੀ ਸੰਪੂਰਨ ਆਜ਼ਾਦੀ ਲਈ ਸੰਘਰਸ਼ਸ਼ੀਲ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖਾਂ ਦੇ ਕਤਲਾਂ ਦੀ ਕੌਮਾਂਤਰੀ ਪੱਧਰ ‘ਤੇ ਜਾਂਚ ਕਰ ਕੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਕੌਮਾਂਤਰੀ ਕਾਨੂੰਨਾਂ ਅਨੁਸਾਰ ਸਜ਼ਾ ਦਿੱਤੀ ਜਾਵੇ। ਇਸ ਮੌਕੇ ਭਾਰਤੀ ਏਜੰਸੀਆਂ ਖ਼ਿਲਾਫ਼ ਮਤਾ ਪਾਸ ਕਰਕੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਦਾ ਪ੍ਰਣ ਦੁਹਰਾਇਆ ਗਿਆ। ਇਕ ਮਤੇ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਸਮੁੱਚੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਮੰਗ ਵੀ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ੍ਹ ਤੁਰੰਤ ਪੰਜਾਬ ਹਵਾਲੇ ਕਰਨ, ਗੰਨੇ ਦਾ ਬਕਾਇਆ ਤੁਰੰਤ ਦੇਣ, ਪੁਲਿਸ ਮੁਕਾਬਲੇ ਬੰਦ ਕਰਨ, ਤਿੰਨ ਬਿੱਲ ਬਿਨਾਂ ਬਹਿਸ ਲੋਕ ਸਭਾ ਵਿਚ ਪਾਸ ਕਰਨ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਮੇਤ 16 ਮਤੇ ਪਾਸ ਕੀਤੇ ਗਏ।