#INDIA

ਸਿੱਖਾਂ ਨੂੰ ਦੇਸ਼ ਭਗਤੀ ਦਾ ਪ੍ਰਮਾਣ ਪੱਤਰ ਲੈਣ ਦੀ ਲੋੜ ਨਹੀਂ: ਸੁਖਬੀਰ ਬਾਦਲ

ਨਵੀਂ ਦਿੱਲੀ, 18 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖੀ ਦਾ ਸਿਧਾਂਤ ਧਰਮ ਨਿਰਪੱਖਤਾ ਵਾਲਾ ਹੈ। ਸਿੱਖ ਕੌਮ ਹਮੇਸ਼ਾ ਹੀ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ। ਉਨ੍ਹਾਂ ਐੱਨ.ਸੀ.ਈ.ਆਰ.ਟੀ. ਦੇ ਸਿਲੇਬਸ ਵਿਚ ਸ੍ਰੀ ਆਨੰਦਪੁਰ ਸਾਹਿਬ ਮਤੇ ਦੀ ਗਲਤ ਵਿਆਖਿਆ ਕਰਨ ਦੀ ਨਿਖੇਧੀ ਕੀਤੀ ਅਤੇ ਸਿੱਖਾਂ ਨੂੰ ਵੱਖਵਾਦੀ ਵਿਚਾਰਧਾਰਾ ਵਾਲਿਆਂ ਵਜੋਂ ਪ੍ਰਚਾਰਨ ਦੀ ਵੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਕਿਸੇ ਤੋਂ ਦੇਸ਼ ਭਗਤੀ ਦਾ ਪ੍ਰਮਾਣ ਪੱਤਰ ਲੈਣ ਦੀ ਲੋੜ ਨਹੀਂ ਕਿਉਂਕਿ ਦੇਸ਼ ਦੀ ਆਜ਼ਾਦੀ ਅਤੇ ਰੱਖਿਆ ਲਈ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਦੀਆਂ ਹਨ। ਸ਼੍ਰੀ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਥਿਤ ਹਰੀਨਗਰ ਦੇ ਡੀ.ਡੀ.ਏ. ਮੈਦਾਨ ਵਿਚ ਕਰਵਾਏ ਗੁਰਮਤਿ ਸਮਾਗਮ ਵਿਚ ਸ਼ਿਰਕਤ ਕੀਤੀ।

Leave a comment