25.9 C
Sacramento
Wednesday, October 4, 2023
spot_img

ਸਿੱਖ ਗੁਰਦੁਆਰਾ ਸੋਧ (ਬਿੱਲ) ਪਾਸ ਕਰਨ ਤੋਂ ਬਾਅਦ ਮਾਮਲਾ ਭੱਖਿਆ

– ਸਿੱਖ ਜਥੇਬੰਦੀਆਂ ਹੋਈਆਂ ਆਹਮੋ-ਸਾਹਮਣੇ
-ਬਿੱਲ ਕਿਸੇ ਵੀ ਢੰਗ ਨਾਲ ਧਾਰਮਿਕ ਮਾਮਲਿਆਂ ‘ਚ ਦਖ਼ਲਅੰਦਾਜ਼ੀ ਨਹੀਂ ਕਰਦਾ : ਮੁੱਖ ਮੰਤਰੀ
ਚੰਡੀਗੜ੍ਹ, 21 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਵਿਧਾਨ ਸਭਾ ਨੇ ‘ਦਾ ਸਿੱਖ ਗੁਰਦੁਆਰਾ (ਸੋਧ) ਬਿੱਲ- 2023’ ਨੂੰ ਭਾਰੀ ਬਹੁਮਤ ਨਾਲ ਪਾਸ ਕਰ ਦਿੱਤਾ।
ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਬਿੱਲ ‘ਤੇ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਅਧਿਕਾਰ ‘ਤੇ ਇੱਕ ਵਿਸ਼ੇਸ਼ ਪਰਿਵਾਰ ਦੇ ਬੇਲੋੜੇ ਕੰਟਰੋਲ ਤੋਂ ਮੁਕਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਭਾਸੀ ਸਥਿਤੀ ਹੈ ਕਿ ਸ਼੍ਰੋਮਣੀ ਕਮੇਟੀ ਇੱਕ ਪਰਿਵਾਰ ਦੇ ਪ੍ਰਭਾਵ ਹੇਠ, ਜੋ ਇਸ ਦੇ ਮਾਮਲਿਆਂ ਨੂੰ ਕੰਟਰੋਲ ਕਰਦਾ ਹੈ, ਵੱਲੋਂ ਇਸੇ ਪਰਿਵਾਰ ਦੇ ਚੈਨਲ ਨੂੰ ਪਵਿੱਤਰ ਗੁਰਬਾਣੀ ਦੇ ਪ੍ਰਸਾਰਨ ਦੇ ਮਾਲਕੀ ਹੱਕ ਦਿੱਤੇ ਹੋਏ ਹਨ। ਭਗਵੰਤ ਮਾਨ ਨੇ ਸਵਾਲ ਕੀਤਾ ਕਿ ਸਰਬ-ਸਾਂਝੀ ਗੁਰਬਾਣੀ ਦੇ ਇਹ ਅਧਿਕਾਰ ਕਿਸੇ ਵੀ ਚੈਨਲ ਨੂੰ ਕਿਵੇਂ ਦਿੱਤੇ ਜਾ ਸਕਦੇ ਹਨ?
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿੱਲ ਕਿਸੇ ਵੀ ਤਰ੍ਹਾਂ ਨਾਲ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਨਹੀਂ ਕਰਦਾ, ਸਗੋਂ ਗੁਰਬਾਣੀ ਨੂੰ ਘਰ-ਘਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਇਹ ਨਿਮਾਣਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਸਿੱਖ ਗੁਰਦੁਆਰਾ ਐਕਟ-1925 ਵਿਚ ਧਾਰਾ 125 ਤੋਂ ਬਾਅਦ ਧਾਰਾ 125-ਏ ਨੂੰ ਦਰਜ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਵਿਚ ਇਹ ਵਿਵਸਥਾ ਹੋਵੇਗੀ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪਾਸਾਰ ਲਈ ਬੋਰਡ (ਸ਼੍ਰੋਮਣੀ ਕਮੇਟੀ) ਦਾ ਫਰਜ਼ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਲਾਈਵ ਪ੍ਰਸਾਰਨ (ਆਡੀਓ ਜਾਂ ਆਡੀਓ ਦੇ ਨਾਲ-ਨਾਲ ਵੀਡੀਓ) ਸਾਰੇ ਮੀਡੀਆ ਘਰਾਣਿਆਂ, ਆਊਟਲੈੱਟਜ਼, ਪਲੇਟਫਾਰਮ, ਚੈਨਲਾਂ ਆਦਿ ਜੋ ਵੀ ਚਾਹੁੰਦਾ ਹੋਵੇ, ਨੂੰ ਮੁਹੱਈਆ ਕਰਵਾਉਣ ਦਾ ਹੋਵੇਗਾ। ਇਸ ਐਕਟ ਵਿਚ ਇਹ ਵਿਵਸਥਾ ਵੀ ਹੋਵੇਗੀ ਕਿ ਪ੍ਰਸਾਰਨ ਦੌਰਾਨ ਕਿਸੇ ਵੀ ਕੀਮਤ ਉਤੇ ਇਸ਼ਤਿਹਾਰਬਾਜ਼ੀ/ਵਪਾਰੀਕਰਨ/ਵਿਗਾੜ ਨਾ ਹੋਵੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਇੱਕ ਨਿਮਾਣੇ ਅਤੇ ਸ਼ਰਧਾਵਾਨ ਸਿੱਖ ਹੋਣ ਦੇ ਨਾਤੇ ਉਹ ਦੁਨੀਆਂ ਭਰ ਵਿਚ ਗੁਰਬਾਣੀ ਦਾ ਮੁਫਤ ਪ੍ਰਸਾਰਨ ਕਰਨ ਦੇ ਹੱਕਦਾਰ ਹਨ। ਭਗਵੰਤ ਮਾਨ ਨੇ ਹੈਰਾਨੀ ਪ੍ਰਗਟਾਈ ਕਿ ਇਹ ਪੰਥ ‘ਤੇ ਹਮਲਾ ਕਿਵੇਂ ਹੋ ਗਿਆ ਕਿਉਂਕਿ ਉਹ ਸਿਰਫ਼ ਗੁਰਬਾਣੀ ਦੇ ਪ੍ਰਸਾਰਨ ‘ਤੇ ਇਕ ਵਿਸ਼ੇਸ਼ ਚੈਨਲ ਦੇ ਕੰਟਰੋਲ ਦੀ ਮੁਖਾਲਫ਼ਤ ਕਰ ਰਹੇ ਹਨ, ਜੋ ਕਿ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਚੈਨਲ ਜਾਂ ਕਿਸੇ ਇੱਕ ਵਿਅਕਤੀ ਵਿਸ਼ੇਸ਼ ਨੂੰ ਅਧਿਕਾਰ ਦੇਣਾ ਨਹੀਂ ਹੈ, ਸਗੋਂ ਇਸ ਦਾ ਮਨੋਰਥ ਗੁਰਬਾਣੀ ਸੰਦੇਸ਼ ਨੂੰ ਵਿਸ਼ਵ ਭਰ ਵਿਚ ਫੈਲਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਕ ਨਿਮਾਣੇ ਤੇ ਸ਼ਰਧਾਵਾਨ ਸਿੱਖ ਵਜੋਂ ਉਹ ਦੁਨੀਆਂ ਭਰ ਵਿਚ ਗੁਰਬਾਣੀ ਦੇ ਮੁਫ਼ਤ ਪ੍ਰਸਾਰਨ ਲਈ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਭਗਵੰਤ ਮਾਨ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਇਕ ਵਿਸ਼ੇਸ਼ ਚੈਨਲ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਉਤੇ ਕੰਟਰੋਲ ਕੀਤੇ ਹੋਣ ਦਾ ਵਿਰੋਧ ਕਰਨ ਨਾਲ ਪੰਥ ਉਤੇ ਹਮਲਾ ਕਿਵੇਂ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸਾਰਨ ਦੇ ਹੱਕ ਇਕ ਚੈਨਲ ਤੱਕ ਸੀਮਿਤ ਰੱਖਣਾ ਪੂਰੀ ਤਰ੍ਹਾਂ ਅਨਿਆਂਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਸਰਕਾਰ ਦੇ ਕਿਸੇ ਵਿਸ਼ੇਸ਼ ਚੈਨਲ ਜਾਂ ਪ੍ਰਾਈਵੇਟ ਤੌਰ ਉਤੇ ਕਿਸੇ ਵਿਅਕਤੀ ਨੂੰ ਦੇਣ ਦਾ ਨਹੀਂ ਹੈ, ਸਗੋਂ ਇਸ ਦਾ ਮਨੋਰਥ ਦੁਨੀਆਂ ਦੇ ਕੋਨੇ-ਕੋਨੇ ਵਿਚ ਗੁਰਬਾਣੀ ਦਾ ਸੰਦੇਸ਼ ਫੈਲਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਸੋਧ ਕਰਨ ਲਈ ਸਮਰੱਥ ਹੈ ਕਿਉਂਕਿ ਸੁਪਰੀਮ ਕੋਰਟ ਪਹਿਲਾਂ ਹੀ ਫੈਸਲਾ ਦੇ ਚੁੱਕੀ ਹੈ ਕਿ ਇਹ ਐਕਟ ਅੰਤਰ-ਰਾਜੀ ਐਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਲੰਮੇ ਸਮੇਂ ਤੋਂ ਇੱਕ ਹੀ ਪਰਿਵਾਰ ਦਾ ਦਬਦਬਾ ਰਿਹਾ ਹੈ, ਜਿਸ ਕਾਰਨ ਸਿੱਖ ਪੰਥ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਗੰਦੀ ਖੇਡ ਖੇਡਦੇ ਹੋਏ ਇਸ ਪਰਿਵਾਰ ਨੇ ਆਪਣੇ ਚਹੇਤੇ ਚੈਨਲ ਨੂੰ ਗੁਰਬਾਣੀ ਦੇ ਪ੍ਰਸਾਰਨ ਦਾ ਵਿਸ਼ੇਸ਼ ਅਧਿਕਾਰ ਦੇ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਐਕਟ ਵਿਚ ਸ਼ਬਦ ਟੈਲੀਕਾਸਟ ਜਾਂ ਪ੍ਰਸਾਰਣ ਦਾ ਕੋਈ ਜ਼ਿਕਰ ਨਹੀਂ ਹੈ।

ਦੋਵੇਂ ਧਿਰਾਂ ਮਿਲ-ਬੈਠ ਕੇ ਮਸਲੇ ਦਾ ਹੱਲ ਲੱਭਣ: ਅਕਾਲ ਤਖ਼ਤ ਜਥੇਦਾਰ
ਹਰਿਮੰਦਰ ਸਾਹਿਬ ‘ਚ ਹੁੰਦੇ ਕੀਰਤਨ ਦੇ ਪ੍ਰਸਾਰਨ ਬਾਰੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ‘ਚ ਮਤਾ ਪਾਸ ਕਰਨ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਰਕਾਰ ਨੂੰ ਆਖਿਆ ਕਿ ਉਹ ਸਿੱਖਾਂ ਦੀ ਸਰਵ-ਉੱਚ ਸੰਸਥਾ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਨਾ ਕਰੇ। ਵੀਡੀਓ ਬਿਆਨ ਰਾਹੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਰਕਾਰ ਦੀ ਇਹ ਕਾਰਵਾਈ ਸਿੱਖ ਪੰਥ ਵਿਚ ਦੁਬਿਧਾ ਪੈਦਾ ਕਰ ਰਹੀ ਹੈ। ਗੁਰਬਾਣੀ ਪ੍ਰਸਾਰਨ ਦੇ ਮਾਮਲੇ ਵਿਚ ਦੋਵਾਂ ਧਿਰਾਂ ਨੂੰ ਮਿਲ ਬੈਠ ਕੇ ਆਪਸੀ ਗੱਲਬਾਤ ਰਾਹੀਂ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ। ਗੁਰਬਾਣੀ ਦੇ ਪ੍ਰਸਾਰਨ ਦਾ ਮਾਮਲਾ ਭਾਵੇਂ ਮਰਿਆਦਾ ਨਾਲ ਨਹੀਂ ਜੁੜਿਆ ਪਰ ਇਸ ਦੇ ਪ੍ਰਸਾਰਨ ਤੋਂ ਬਾਅਦ ਇਹ ਮਰਿਆਦਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਸ਼ੰਕਾ ਪ੍ਰਗਟਾਈ ਹੈ ਕਿ ਜੇ ਗੁਰਬਾਣੀ ਦੇ ਪ੍ਰਸਾਰਨ ਨੂੰ ਖੁੱਲ੍ਹਾ ਛੱਡ ਦਿੱਤਾ ਜਾਵੇਗਾ ਤਾਂ ਅਗਾਂਹ ਚੱਲ ਕੇ ਇਹ ਮਰਿਆਦਾ ਦਾ ਮਸਲਾ ਬਣੇਗਾ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਹੋਰ ਪਾਰਟੀਆਂ ਦੇ ਸਿੱਖ ਵਿਧਾਇਕਾਂ ਨੂੰ ਆਖਿਆ ਕਿ ਇਸ ਮਾਮਲੇ ‘ਚ ਮਤਾ ਲਿਆਉਣ ਅਤੇ ਪਾਸ ਕਰਨ ਲਈ ਕੋਈ ਕਾਹਲੀ ਨਾ ਕੀਤੀ ਜਾਵੇ। ਇਸ ਸਬੰਧੀ ਮਸਲੇ ਨੂੰ ਮਿਲ-ਬੈਠ ਕੇ ਹੱਲ ਕਰਨਾ ਚਾਹੀਦਾ ਹੈ।

Related Articles

Stay Connected

0FansLike
3,878FollowersFollow
21,200SubscribersSubscribe
- Advertisement -spot_img

Latest Articles