#PUNJAB

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ High Court ਤੋਂ ਇਨਸਾਫ਼ ਦੀ ਆਸ ਬੱਝੀ

-ਜੇਲ੍ਹ ਵਿਚ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮਾਮਲਾ
ਮਾਨਸਾ, 11 ਦਸੰਬਰ (ਪੰਜਾਬ ਮੇਲ)- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਪਿੰਡ ਮੂਸਾ ਵਿਚ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜੇਲ੍ਹਾਂ ਵਿਚ ਮੋਬਾਈਲ ਫੋਨਾਂ ਦੀ ਵਰਤੋਂ ਬਾਰੇ ਲਏ ਗਏ ਨੋਟਿਸ ਮਗਰੋਂ ਸਾਰੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਨਸਾਫ਼ ਦੀ ਉਮੀਦ ਬੱਝੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਕੀਤੀ ਗਈ ਇੰਟਰਵਿਊ ਦੇ ਸਬੰਧ ਵਿਚ ਅਦਾਲਤ ਵੱਲੋਂ 14 ਦਸੰਬਰ ਨੂੰ ਚੰਗਾ ਫ਼ੈਸਲਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਜੇਲ੍ਹਾਂ ਰਾਹੀਂ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਕੁੱਝ ਠੱਲ੍ਹ ਪਵੇਗੀ।
ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਗੈਂਗਸਟਰਾਂ ਦੀਆਂ ਧਮਕੀਆਂ ਅਤੇ ਗੋਲੀਆਂ ਤੋਂ ਡਰਨਾ ਨਹੀਂ ਚਾਹੀਦਾ, ਸਗੋਂ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਦੀਆਂ ਧਮਕੀਆਂ ਅੱਗੇ ਪੁਲਿਸ ਦੇ ਬਹੁਤੇ ਅਫ਼ਸਰ ਚੁੱਪ ਕਰਕੇ ਬੈਠੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਜੇਲ੍ਹ ਵਿਚ ਬੰਦ ਉਸ ਦੇ ਪੁੱਤ ਦੇ ਕਾਤਲਾਂ ਕੋਲੋਂ ਪਿਛਲੇ ਨੌਂ ਮਹੀਨਿਆਂ ਦੌਰਾਨ ਚਾਰ ਮੋਬਾਈਲ ਫੋਨ ਫੜੇ ਜਾ ਚੁੱਕੇ ਹਨ, ਜਿਸ ਤੋਂ ਸਹਿਜੇ ਹੀ ਜੇਲ੍ਹਾਂ ਅੰਦਰ ਹੋ ਰਹੀ ਨਿਯਮਾਂ ਦੀ ਕਥਿਤ ਉਲੰਘਣਾ ਸਬੰਧੀ ਅੰਦਾਜ਼ਾ ਲਾਇਆ ਜਾ ਸਕਦਾ ਹੈ। ਸ਼੍ਰੀ ਸਿੱਧੂ ਨੇ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਸੀ ਤੇ ਹਾਲੇ ਤੱਕ ਸਰਕਾਰ ਨੇ ਇਨ੍ਹਾਂ ਨੂੰ ਰੋਕਣ ਲਈ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਸ਼ੁਭਦੀਪ ਦਾ ਗੀਤ ‘ਐੱਸ.ਵਾਈ.ਐੱਲ.’ 24 ਘੰਟਿਆਂ ਵਿਚ ਬੰਦ ਕਰਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਹਾਲਤ ਮਾੜੀ ਹੈ ਅਤੇ ‘ਆਪ’ ਸਰਕਾਰ ਤੋਂ ਜੋ ਆਸਾਂ ਲਗਾਈਆਂ ਸਨ, ਉਹ ਢਹਿ-ਢੇਰੀ ਹੋ ਗਈਆਂ ਹਨ।