ਸਿੱਧੂ ਮੂਸੇਵਾਲਾ ਨੂੰ ਨਿਊਯਾਰਕ ਦੇ ਟਾਈਮਜ਼ ਸਕੁਏਅਰ ‘ਚ ਦਿੱਤੀ ਭਾਵ-ਭਿੰਨੀ ਸ਼ਰਧਾਂਜਲੀ

120

ਨਿਊਯਾਰਕ, 13 ਜੂਨ (ਰਾਜ ਗੋਗਨਾ/ਪੰਜਾਬ ਮੇਲ)- ਪਿਛਲੇ ਮਹੀਨੇ ਦੀ 29 ਤਰੀਕ ਨੂੰ ਮਾਰੇ ਗਏ ਵਿਸ਼ਵ ਪ੍ਰਸਿੱਧ ਪੰਜਾਬੀ ਨਾਮਵਰ ਗਾਇਕ ਸਿੱਧੂ ਮੂਸੇਵਾਲਾ ਨੂੰ ਟਾਈਮਜ਼ ਸਕੁਏਅਰ  ਵਿਖੇ ਨਿਊਯਾਰਕ ‘ਚ ਵੱਸਦੇ ਪੰਜਾਬੀਆਂ ਵੱਲੋਂ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ ਅਤੇ ਸਿੱਧੂ ਦੇ ਚਲਾਏ ਹਿੱਟ ਗੀਤਾਂ ਦੇ ਨਾਲ ਸਿੱਧੂ ਮੂਸੇਵਾਲਾ ਅਮਰ ਰਹੇ ਦੇ ਨਾਅਰੇ ਲਾਏ ਗਏ। ਦੱਸਣਯੋਗ ਹੈ ਕਿ ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਦੇ ਪ੍ਰਸ਼ੰਸਕ ਵਿਦੇਸ਼ ਵਿਚ ਵੀ ਬਹੁਤ ਵੱਡੇ ਸਦਮੇ ‘ਚ ਹਨ।
ਲੋਕਾ ਦੇ ਦਿਲਾਂ ‘ਚ ਰਾਜ ਕਰਨ ਵਾਲਾ ਅਤੇ ਮੂਸੇਵਾਲੇ ਦੇ ਨਾਂ ‘ਤੇ ਵਿਸ਼ਵ ਭਰ ‘ਚ ਪ੍ਰਸਿੱਧ ਸਵ. ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਹਰੇਕ ਦੇਸ਼ ‘ਚ ਵੱਸਦੇ ਪੰਜਾਬੀਆਂ ਵੱਲੋਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਬੀਤੇ ਦਿਨੀਂ ਅਮਰੀਕਾ ਦੇ ਨਿਊਯਾਰਕ ਸਿਟੀ ਦੇ ਟਾਈਮਜ਼ ਸਕੁਏਅਰ ਤੋਂ ਵੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿੱਥੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਵੀਡੀਓ ਅਤੇ ਸਿੱਧੂ ਦੇ ਗੀਤ ਚੱਲ ਰਹੇ ਹਨ। ਇਸ ਦੇ ਨਾਲ ਹੀ ਵੱਡੀ ਗਿਣਤੀ ਲੋਕ ਹੇਠਾਂ ਖੜ੍ਹੇ ਹੋ ਕੇ ਉਸ ਨੂੰ ਦੇਖ ਰਹੇ ਹਨ। ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਲੋਕ ਖੜ੍ਹੇ ਹੋ ਕੇ ਇਸ ਦੀ ਵੀਡੀਓ ਵੀ ਬਣਾ ਰਹੇ ਹਨ।
ਦੱਸਣਯੋਗ ਹੈ ਕਿ ਬੀਤੀ 29 ਮਈ ਨੂੰ ਮੰਦਭਾਗਾ ਦਿਨ ਸੀ, ਜਦੋਂ ਮੂਸੇਵਾਲਾ ਨੂੰ ਕੁਝ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ। ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਹ ਘਟਨਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਹੈ। ਕਤਲ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੂਸੇਵਾਲਾ ਸਮੇਤ 420 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। 29 ਸਾਲਾ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ ‘ਤੇ ਮਾਨਸਾ ਜ਼ਿਲ੍ਹੇ ਤੋਂ 2022 ਦੀਆਂ ਪੰਜਾਬ ਚੋਣਾਂ ਵੀ ਲੜੀਆਂ ਸਨ, ਜਿਸ ਵਿਚ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੋਂ ਹਾਰ ਗਏ ਸਨ।