26.9 C
Sacramento
Sunday, September 24, 2023
spot_img

ਸੀਐਮ ਭਗਵੰਤ ਮਾਨ 19 ਜੁਲਾਈ ਨੂੰ ਅਕਾਲ ਤਖ਼ਤ ’ਤੇ ਤਲਬ

ਚੰਡੀਗੜ੍ਹ, 9 ਜੁਲਾਈ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਵਿੱਚ ਗੁਰਬਾਣੀ ਸੋਧ ਬਿੱਲ ਪਾਸ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੂਜੀ ਵਾਰ ਵੀ ਮੁਤਵਾਜ਼ੀ ਜਥੇਦਾਰ ਨੂੰ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੂੰ ਸਪੱਸ਼ਟੀਕਰਨ ਦੇਣ ਲਈ ਤੀਸਰਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ।

 

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕੇ ਮੁੱਖ ਮੰਤਰੀ ਨੂੰ 8 ਜੁਲਾਈ ਨੂੰ ਪੇਸ਼ ਹੋਣ ਦਾ ਦੂਜਾ ਮੌਕਾ ਦਿੱਤਾ ਗਿਆ ਸੀ, ਪਰ ਨਾ ਉਹ ਖ਼ੁਦ ਆਏ ਤੇ ਨਾ ਹੀ ਸਪੱਸ਼ਟੀਕਰਨ ਭੇਜਿਆ। ਉਨ੍ਹਾਂ ਕਿਹਾ ਕਿ ਗੁਰੂ ਘਰ ਦਾ ਸਿਧਾਂਤ ਹੈ ਕਿ ਹਰ ਕਿਸੇ ਨੂੰ ਭੁੱਲ ਬਖਸ਼ਾਉਣ ਵਾਸਤੇ ਮੌਕਾ ਦਿੱਤਾ ਜਾਵੇ। ਇਸੇ ਤਹਿਤ ਮੁੱਖ ਮੰਤਰੀ ਨੂੰ ਤੀਜਾ ਤੇ ਆਖਰੀ ਮੌਕਾ ਦਿੰਦਿਆਂ 19 ਜੁਲਾਈ ਨੂੰ ਸੱਦਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਮੁੱਖ ਮੰਤਰੀ ਪੇਸ਼ ਨਹੀਂ ਹੁੰਦੇ ਤਾਂ 19 ਜੁਲਾਈ ਨੂੰ ਉਨ੍ਹਾਂ ਖ਼ਿਲਾਫ਼ ਪੰਥਕ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਮੰਡ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਗੁਰਦੁਆਰਾ ਐਕਟ 1925 ਨਾਲ ਛੇੜਛਾੜ ਕਰਦਿਆਂ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਵਿੱਚ ਸਰਕਾਰੀ ਦਖ਼ਲ ਦਾ ਰਾਹ ਪੱਧਰਾ ਕੀਤਾ ਹੈ ਤੇ ਵਿਧਾਨ ਸਭਾ ਵਿੱਚ ਸਿੱਖਾਂ ਦੇ ਕਕਾਰਾਂ ਬਾਰੇ ਭੱਦੀਆਂ ਟਿੱਪਣੀਆਂ ਕੀਤੀਆਂ ਹਨ। ਇਸੇ ਬਾਰੇ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਗਈ ਹੈ।

ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਗੁਰਦੁਆਰਾ ਸੋਧ ਬਿੱਲ 2023 ਨੂੰ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਰੱਦ ਕਰ ਦਿੱਤਾ ਸੀ। ਇਜਲਾਸ ਵਿੱਚ ਪੇਸ਼ ਮਤੇ ਰਾਹੀਂ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲਅੰਦਾਜ਼ੀ ਕਰਾਰ ਦਿੰਦਿਆਂ ਇਸ ਦਾ ਸਖਤ ਵਿਰੋਧ ਕੀਤਾ ਗਿਆ ਸੀ।  ਬਿੱਲ ਰੱਦ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਪਾਸ ਕੀਤੇ ਬਿਲ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਦੀ ਅਗਵਾਈ ਹੇਠ ਮੋਰਚਾ ਸ਼ੁਰੂ ਕੀਤਾ ਜਾਵੇਗਾ। ਸਿੱਖ ਗੁਰਦੁਆਰਾ ਐਕਟ 1925 ਵਿਚ ਕੋਈ ਵੀ ਸੋਧ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਨਾਲ ਹੀ ਸੰਭਵ ਹੈ। ਉਨ੍ਹਾਂ ਇਸ ਮਾਮਲੇ ਵਿਚ ਮਾਸਟਰ ਤਾਰਾ ਸਿੰਘ ਤੇ ਜਵਾਹਰਲਾਲ ਨਹਿਰੂ ਵਿਚਾਲੇ 1959 ਵਿੱਚ ਹੋਏ ਸਮਝੌਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਪ੍ਰਵਾਨ ਕੀਤਾ ਗਿਆ ਸੀ ਕਿ ਸਿੱਖ ਗੁਰਦੁਆਰਾ ਐਕਟ ਵਿਚ ਕੋਈ ਵੀ ਸੋਧ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦੋ ਤਿਹਾਈ ਮੈਂਬਰਾਂ ਦੀ ਸਹਿਮਤੀ ਜ਼ਰੂਰੀ ਹੋਵੇਗੀ।

Related Articles

Stay Connected

0FansLike
3,870FollowersFollow
21,200SubscribersSubscribe
- Advertisement -spot_img

Latest Articles