ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

383
Share

ਮੇਜਰ ਸਿੰਘ ਦੇ ਅਕਾਲ ਚਲਾਣੇ ਨੂੰ ਪੰਜਾਬੀ ਪੱਤਰਕਾਰੀ ਤੇ ਪੰਜਾਬੀ ਭਾਸ਼ਾ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਿਆ
ਚੰਡੀਗੜ, 6 ਮਾਰਚ (ਪੰਜਾਬ ਮੇਲ)- ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਰੋਜਾਨਾ ਅਜੀਤ ਅਖਬਾਰ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ, ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 68 ਵਰਿਆਂ ਦੇ ਸਨ। ਮੇਜਰ ਸਿੰਘ ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ।
ਉਹ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਆਪਣੇ ਸ਼ੋਕ ਸੰਦੇਸ ਵਿੱਚ ਉਘੇ ਪੱਤਰਕਾਰ ਬਾਰੇ ਦੱਸਦਿਆਂ ਸ. ਰੰਧਾਵਾ ਨੇ ਕਿਹਾ ਕਿ ਮੇਜਰ ਸਿੰਘ ਨੇ ਹਮੇਸ਼ਾ ਆਪਣੀਆਂ ਲਿਖਤਾਂ ਵਿੱਚ ਪ੍ਰੈੱਸ ਦੀ ਆਜਾਦੀ ਲਈ ਨਿੱਠ ਕੇ ਪ੍ਰੋੜਤਾ ਕੀਤੀ। ਇਸ ਤੋਂ ਇਲਾਵਾ ਉਹਨਾਂ ਗਰੀਬਾਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਲਈ ਵੀ ਵੱਡਮੁੱਲਾ ਯੋਗਦਾਨ ਪਾਇਆ।  ਉਹ ਪੰਜਾਬ ਦੀ ਭੂਗੋਲਿਕ, ਰਾਜਨੀਤਿਕ ਤੇ ਸਮਾਜਿਕ ਖੇਤਰ ਦੀ ਡੂੰਘੀ ਪਕੜ ਰੱਖਣ ਵਾਲੇ ਜ਼ਮੀਨ ਨਾਲ ਜੁੜੇ ਹੋਏ ਪੱਤਰਕਾਰ ਸਨ।  ਉਹਨਾਂ ਕਿਹਾ ਕਿ ਮੇਜਰ ਸਿੰਘ ਦੇ ਦੇਹਾਂਤ ਨਾਲ ਪੰਜਾਬੀ ਜੁਬਾਨ ਤੇ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ  ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ।

Share