ਸੁਖਦੇਵ ਢੀਂਡਸਾ ਤੇ ਰਣਜੀਤ ਬ੍ਰਹਮਪੁਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਗਠਨ

73
Share

-ਜਥੇਬੰਦਕ ਢਾਂਚੇ ਦਾ ਜਲਦ ਕੀਤਾ ਜਾਵੇਗਾ ਐਲਾਨ
– ਸੁਖਬੀਰ ਤੋਂ ਨਸਲਕੁਸ਼ੀ ਦੇ ਕਾਤਲਾਂ ਤੋਂ ਦਾਨ ਲੈਣ ਬਾਰੇ ਸਪੱਸ਼ਟੀਕਰਨ ਮੰਗਿਆ
ਚੰਡੀਗੜ੍ਹ, 18 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਗਠਨ ਦਾ ਐਲਾਨ ਕਰ ਦਿੱਤਾ ਗਿਆ। ਦੋਹਾਂ ਸੀਨੀਅਰ ਅਕਾਲੀ ਆਗੂਆਂ ਨੇ ਮੀਟਿੰਗ ਤੋਂ ਬਾਅਦ ਕਿਹਾ ਕਿ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ। ਪਾਰਟੀ ਵੱਲੋਂ ਜਥੇਦਾਰ ਬ੍ਰਹਮਪੁਰਾ ਨੂੰ ਸਰਪ੍ਰਸਤ ਤੇ ਸ਼੍ਰੀ ਢੀਂਡਸਾ ਨੂੰ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਵੱਲੋਂ ਜਾਰੀ ਬਿਆਨ ਰਾਹੀਂ ਕਿਹਾ ਗਿਆ ਹੈ ਕਿ ਪੰਜਾਬ ਨੂੰ ਮੌਜੂਦਾ ਸਮੇਂ ਕਾਂਗਰਸ, ਬਾਦਲਾਂ ਅਤੇ ਭਾਜਪਾ ਤੋਂ ਬਚਾਉਣ ਦੀ ਲੋੜ ਹੈ। ਇਸ ਲਈ ਨਵੇਂ ਅਕਾਲੀ ਦਲ ਰਾਹੀਂ ਸੂਬੇ ਦੇ ਲੋਕਾਂ ਨੂੰ ਬਦਲਵੀਂ ਸਿਆਸੀ ਸੋਚ ਤੇ ਸੱਚੀ-ਸੁੱਚੀ ਸਿਆਸਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਬਾਦਲਾਂ ਨੇ ਪੰਜਾਬ ਨੂੰ ਰੱਜ ਕੇ ਲੁੱਟਿਆ ਹੈ। ਅਕਾਲੀ ਆਗੂਆਂ ਨੇ ਬਾਦਲਾਂ ’ਤੇ ਪੰਥਕ ਮਰਿਆਦਾਵਾਂ ਦਾ ਘਾਣ ਕਰਨ ਅਤੇ ਸਿੱਖ ਸੰਸਥਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵੀ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦਰਮਿਆਨ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ। ਇਹੀ ਕਾਰਨ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਕਾਂਡਾਂ ਦੇ ਦੋਸ਼ੀ ਅੱਜ ਤੱਕ ਫੜੇ ਨਹੀਂ ਗਏ। ਅਕਾਲੀ ਆਗੂਆਂ ਨੇ ਸੂਬੇ ਵਿਚ ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ ਤੇ ਸ਼ਰਾਬ ਮਾਫੀਆ ਦਾ ਪਹਿਲਾਂ ਵਾਂਗ ਹੀ ਦੌਰ ਹੋਣ ਦੇ ਦੋਸ਼ ਵੀ ਲਾਏ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹਮਖਿਆਲ ਪਾਰਟੀਆਂ ਨਾਲ ਸਾਂਝ ਪਾ ਕੇ ਪੰਜਾਬ ਨੂੰ ਮਾਫੀਆ ਤੋਂ ਮੁਕਤ ਕਰਾਇਆ ਜਾਵੇਗਾ। ਮੀਟਿੰਗ ਵਿਚ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਸੋਂ ਸਪੱਸ਼ਟੀਕਰਨ ਮੰਗਿਆ ਗਿਆ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਕਰੋਨਾ ਕਾਲ ਅਤੇ ਕਿਸਾਨ ਸੰਘਰਸ਼ ਦੌਰਾਨ ਦਾਨ ਵਜੋਂ ਆਈ ਰਕਮ ਦੇ ਵੇਰਵੇ ਸਬੰਧੀ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵਸੀ ਸਿੱਖ ਕੌਮ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਦਾਨ ਵਜੋਂ ਆਈ ਰਕਮ ਕਿਹੜੇ ਲੋਕਾਂ ਪਾਸੋਂ ਕਬੂਲ ਕੀਤੀ ਗਈ ਹੈ। ਕਿਉਂਕਿ ਫਿਲਮੀ ਅਦਾਕਾਰ ਅਮਿਤਾਭ ਬੱਚਨ ਜਿਸ ਦਾ ਨਾਮ ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਜੁੜਿਆ ਹੋਇਆ ਹੈ, ਪਾਸੋਂ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ 2 ਕਰੋੜ ਰੁਪਏ ਹਾਸਲ ਕੀਤੇ ਹਨ। ਮੀਟਿੰਗ ਵਿਚ ਜਥੇਦਾਰ ਸੇਵਾ ਸਿੰਘ ਸੇਖਵਾਂ, ਜਸਟਿਸ ਨਿਰਮਲ ਸਿੰਘ, ਬੀਰ ਦਵਿੰਦਰ ਸਿੰਘ, ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਸਨ। ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸਿਹਤ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਤੇ ਹੋਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

Share