ਚੰਡੀਗੜ੍ਹ, 27 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵੱਲੋਂ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਚੋਂ ਕੱਢਣ ਦੀ ਨਿੰਦਾ ਕੀਤੀ ਹੈ। ਇਸ ਨੂੰ ਪਾਰਟੀ ਦੇ ਸਿਧਾਂਤਾਂ ਤੇ ਉਲਟ ਕਰਾਰ ਦਿੱਤਾ ਹੈ। ਸ਼੍ਰੀ ਢੀਂਡਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਰਟੀ ਦੇ ਸੀਨੀਅਰ ਆਗੂ ਐੱਸ.ਜੀ.ਪੀ.ਸੀ. ਮੈਂਬਰ ਤੇ ਚੰਡੀਗੜ੍ਹ ਦੇ ਸਾਬਕਾ ਮੇਅਰ ਬੀਬੀ ਹਰਜਿੰਦਰ ਕੌਰ ਨੂੰ ਬਿਨਾਂ ਕਿਸੇ ਨਾਲ ਸਲਾਹ ਮਸ਼ਵਰੇ ਤੋਂ ਪਾਰਟੀ ਤੋਂ ਕੱਢ ਦਿੱਤਾ ਸੀ। ਹਾਲਾਂਕਿ ਬਾਅਦ ਵਿਚ ਉਨ੍ਹਾਂ ਨੂੰ ਵਾਪਸ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਜਿਹੇ ਫੈਸਲੇ ਪਾਰਟੀ ਦੇ ਹਿੱਤ ਵਿਚ ਨਹੀਂ ਹਨ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੁੰਦਾ ਹੈ। ਇਸ ਲਈ ਪਾਰਟੀ ਨੂੰ ਅਜਿਹੇ ਫੈਸਲੇ ਲੈਣ ਤੋ ਗੁਰੇਜ਼ ਕਰਨਾ ਚਾਹੀਦਾ ਹੈ। ਸ਼੍ਰੀ ਢੀਂਡਸਾ ਨੇ ਕਿਹਾ ਕਿ ਕੈਰੋਂ ਪਰਿਵਾਰ ਦਾ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਯੋਗਦਾਨ ਹੈ। ਲੋਕ ਸਭਾ ਚੋਣਾਂ ਦੌਰਾਨ ਪਾਰਟੀ ਦੇ ਦਿੱਗਜ ਆਗੂ ਅਤੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਕੱਢਣ ਦਾ ਫੈਸਲਾ ਬੇਹੱਦ ਮੰਦਭਾਗਾ ਅਤੇ ਪਾਰਟੀ ਦੇ ਹਿੱਤਾਂ ਖਿਲਾਫ ਹੈ।