ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ: ਸੰਤ ਜਗੇੜਾ

704
Share

ਇੰਟਰਨੈਸ਼ਨਲ ਸੰਤ ਸਮਾਜ ਦੇ ਪ੍ਰਧਾਨ ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦਾ ਸਾਰਾ ਕੱਚਾ ਚਿੱਠਾ ਜੱਗ-ਜ਼ਾਹਿਰ ਹੋ ਗਿਆ ਹੈ ਤੇ ਸੌਦਾ-ਸਾਧ ਨਾਲ ਉਸਦੀ ਨੇੜਤਾ ਨੰਗੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਦੀ ਚੇਲੀ ਵੀਰਪਾਲ ਕੌਰ ਨੇ ਇਕ ਨਿੱਜੀ ਚੈਨਲ ‘ਤੇ ਇਹ ਗੱਲ ਕਹੀ ਹੈ ਕਿ 2007 ‘ਚ ਰਾਮ ਰਹੀਮ ਨੇ ਜੋ ਸਵਾਂਗ ਰਚਿਆ ਸੀ, ਜਿਸ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੀ ਨਕਲ ਕਰਦਿਆਂ ਉਨ੍ਹਾਂ ਦੀ ਪੋਸ਼ਾਕ ਵਾਂਗ ਨਕਲੀ ਪੋਸ਼ਾਕ ਪਾ ਕੇ ਜ਼ਾਮ-ਏ- ਇੰਸਾਂ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਸ. ਸੁਖਬੀਰ ਸਿੰਘ ਬਾਦਲ ਨੇ ਉਹ ਪੋਸ਼ਾਕ ਉਸ ਨੂੰ ਤੋਹਫੇ ਵਜੋਂ ਭੇਜੀ ਸੀ। ਉਨ੍ਹਾਂ ਕਿਹਾ ਕਿ ਇਸ ਖੁਲਾਸੇ ਨਾਲ ਬਿੱਲੀ ਥੈਲਿਓਂ ਬਾਹਰ ਆ ਗਈ ਹੈ ਤੇ ਸਭ ਕੁਝ ਸਪੱਸ਼ਟ ਹੋ ਗਿਆ ਹੈ।
ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕੀਤੀ ਹੈ ਕਿ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਸੁਖਬੀਰ ਬਾਦਲ ਨੂੰ ਪੰਥ ਵਿਚੋਂ ਛੇਕਿਆ ਜਾਵੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖੀ, ਪੰਜਾਬ ਤੇ ਪੰਥ ਦਾ ਬਹੁਤ ਨੁਕਸਾਨ ਕੀਤਾ ਹੈ। ਜੇ ਹੁਣ ਵੀ ਜਥੇਦਾਰਾਂ ਵੱਲੋਂ ਇਸ ਮਾਮਲੇ ‘ਚ ਢਿੱਲ ਵਰਤੀ ਗਈ ਤਾਂ ਹੁਣ ਵਾਲੇ ਜਥੇਦਾਰਾਂ ਦਾ ਹਸ਼ਰ ਵੀ ਪਹਿਲੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਾਂਗ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਜਥੇਦਾਰਾਂ ਨੂੰ ਦਲੇਰੀ ਦਿਖਾਉਣੀ ਚਾਹੀਦੀ ਹੈ। ਸੰਤ ਸ਼ਮਸ਼ੇਰ ਸਿੰਘ ਜਗੇੜਾ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸੁਖਬੀਰ ਬਾਦਲ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਬਾਦਲ ਪਰਿਵਾਰ ਨੂੰ ਮੂੰਹ ਨਾ ਲਾਇਆ ਜਾਵੇ।


Share