ਚੰਡੀਗੜ੍ਹ, 16 ਨਵੰਬਰ (ਪੰਜਾਬ ਮੇਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਪ੍ਰਧਾਨਗੀ ਛੱਡਣ ਦਾ ਐਲਾਨ ਬਾਦਲ ਨੇ ਅਜਿਹੇ ਸਮੇਂ ਵਿਚ ਕੀਤਾ ਹੈ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਉਨ੍ਹਾਂ ਨੂੰ ਤਨਖ਼ਾਹੀਆਂ ਐਲਾਨਿਆ ਹੋਇਆ ਹੈ।
ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਗਏ ਅਸਤੀਫੇ ਦੀ ਪੁਸ਼ਟੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾਂ ਨੇ ਇਕ ਐਕਸ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਪੋਸਟ ਵਿਚ ਲਿਖਿਆ, ”ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਪ੍ਰਗਟਾਉਣ ਅਤੇ ਪੂਰੇ ਕਾਰਜਕਾਲ ਦੌਰਾਨ ਪੂਰਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।”
ਇਸ ਦੇ ਨਾਲ ਹੀ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤੇ ਜਾਣ ਤੋਂ ਬਾਅਦ ਢਾਈ ਮਹੀਨੇ ਦੇ ਕਰੀਬ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਗਿਆ ਹੈ। ਜਿਸ ਵਿਚ ਉਨ੍ਹਾਂ ਵੱਲੋਂ ਧਾਰਮਿਕ ਸਜ਼ਾ ਜਲਦ ਲਗਾਏ ਜਾਣ ਨੂੰ ਲੈ ਕੇ ਬੇਨਤੀ ਕੀਤੀ ਗਈ ਸੀ। ਸੁਖਬੀਰ ਸਿੰਘ ਬਾਦਲ ਨੇ ਉਸ ਵੇਲੇ ਬੇਨਤੀ ਕਰਦਿਆਂ ਕਿਹਾ ਸੀ ਕਿ ਢਾਈ ਮਹੀਨਿਆਂ ਤੋਂ ਉਹ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮ ਦੇ ਵਿਚ ਆਪਣਾ ਯੋਗਦਾਨ ਨਹੀਂ ਦੇ ਸਕੇ। ਜਿਸ ਕਰਕੇ ਉਨ੍ਹਾਂ ਵੱਲੋਂ ਇਹ ਬੇਨਤੀ ਪੱਤਰ ਦਿੱਤਾ ਗਿਆ। ਉਨ੍ਹਾਂ ਦੇ ਕੁਝ ਆਪਣੇ ਘਰੇਲੂ ਵੀ ਕੰਮ ਹਨ, ਜਿਸ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਧਾਰਮਿਕ ਸਜ਼ਾ ਸੁਣਾਈ ਜਾਵੇ, ਤਾਂ ਜੋ ਉਹ ਆਪਣੇ ਕਾਰਜ ਕਰ ਸਕਣ।