#INDIA

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਸੋਮਵਾਰ ਖ਼ਾਰਜ ਕਰ ਦਿੱਤੀ ਗਈ ਹੈ। ਜਸਟਿਸ ਖੰਨਾ ਨੇ ਮਾਮਲੇ ‘ਚ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ ‘ਤੇ ਅਸੀਂ ਫ਼ੈਸਲਾ ਨਹੀਂ ਲੈ ਸਕਦੇ। ਦਿੱਲੀ ਦੇ ਐੱਲ.ਜੀ. ਵਿਨੇ ਕੁਮਾਰ ਸਕਸੈਨਾ ਮਾਮਲੇ ‘ਚ ਕੋਈ ਐਕਸ਼ਨ ਲੈਣਾ ਚਾਹੁੰਦੇ ਹਨ, ਤਾਂ ਉਹ ਲੈਣ।
ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਘੋਟਾਲੇ ਦੇ ਦੋਸ਼ੀ ਅਰਵਿੰਦ ਕੇਜਰੀਵਾਲ ਫਿਲਹਾਲ ਅੰਤਰਿਮ ਜ਼ਮਾਨਤ ‘ਤੇ ਹਨ। ਈ.ਡੀ. ਨੇ ਉਨ੍ਹਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਵੀ ਉਨ੍ਹਾਂ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ, ਜਿਸ ਨੂੰ ਲੈ ਕੇ ਸੰਦੀਪ ਕੁਮਾਰ ਨਾਂ ਦੇ ਸ਼ਖ਼ਸ ਨੇ ਪਹਿਲਾਂ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਲਗਾਈ ਸੀ। ਦਿੱਲੀ ਹਾਈ ਕੋਰਟ ਨੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਉਂਦੇ ਹੋਏ 10 ਅਪ੍ਰੈਲ ਨੂੰ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ।
ਇਸ ਤੋਂ ਬਾਅਦ ਪਟੀਸ਼ਨਕਰਤਾ ਸੁਪਰੀਮ ਕੋਰਟ ਪਹੁੰਚੇ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਹਾਈ ਕੋਰਟ ਨੂੰ ਨਹੀਂ ਛੇੜਾਂਗੇ।