#INDIA

ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ ‘ਤੇ ਫੌਰੀ ਸੁਣਵਾਈ ਕਰਨ ਤੋਂ ਇਨਕਾਰ

– ਮੈਡੀਕਲ ਆਧਾਰ ‘ਤੇ ਇਕ ਹਫਤਾ ਜ਼ਮਾਨਤ ਵਧਾਉਣ ਦੀ ਕੀਤੀ ਸੀ ਅਪੀਲ
– ਸਰਵਉੱਚ ਅਦਾਲਤ ਦੇ ਚੀਫ ਜਸਟਿਸ ਲੈਣਗੇ ਅਗਲਾ ਫੈਸਲਾ
ਨਵੀਂ ਦਿੱਲੀ, 28 ਮਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਪਹਿਲੀ ਜੂਨ ਤਕ ਮਿਲੀ ਅੰਤਰਿਮ ਜ਼ਮਾਨਤ ਨੂੰ ਮੈਡੀਕਲ ਆਧਾਰ ‘ਤੇ ਸੱਤ ਦਿਨ ਵਧਾਉਣ ਦੀ ਮੰਗ ਕੀਤੀ ਸੀ। ਜਸਟਿਸ ਜੇ ਕੇ ਮਹੇਸ਼ਵਰੀ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਸਰਵਉੱਚ ਅਦਾਲਤ ਦੇ ਚੀਫ ਜਸਟਿਸ ਵੱਲੋਂ ਲਿਆ ਜਾਵੇਗਾ ਕਿਉਂਕਿ ਮੁੱਖ ਕੇਸ ਵਿਚ ਕੇਜਰੀਵਾਲ ਵਿਰੁੱਧ ਫੈਸਲਾ ਰਾਖਵਾਂ ਰੱਖਿਆ ਗਿਆ ਹੈ। ਕੇਜਰੀਵਾਲ ਵਲੋਂ ਪੇਸ਼ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਈ ਦਲੀਲਾਂ ਦਿੱਤੀਆਂ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਨੂੰ 50 ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ 10 ਮਈ ਨੂੰ ਜ਼ਮਾਨਤ ਮਿਲ ਗਈ ਸੀ। ਉਨ੍ਹਾਂ ਦੀ 21 ਦਿਨਾਂ ਦੀ ਜ਼ਮਾਨਤ ਪਹਿਲੀ ਜੂਨ ਨੂੰ ਖਤਮ ਹੋ ਰਹੀ ਹੈ।