#INDIA

ਸੁਪਰੀਮ ਕੋਰਟ ਵੱਲੋਂ ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਮੰਗ ਵਾਲੀ ਪਟੀਸ਼ਨ ‘ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 28 ਜੁਲਾਈ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਗੈਂਗਸਟਰ ਅਬੂ ਸਲੇਮ ਦੀ ਜੇਲ੍ਹ ‘ਚੋਂ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਸਲੇਮ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਪੁਰਤਗਾਲ ਤੋਂ ਉਸ ਦੀ ਹਵਾਲਗੀ ਨਾਲ ਸਬੰਧਤ ਸ਼ਰਤਾਂ ਤਹਿਤ ਭਾਰਤ ਦੀ ਜੇਲ੍ਹ ਵਿਚ 25 ਸਾਲ ਦੀ ਸਜ਼ਾ ਪੂਰੀ ਕਰ ਲਈ ਹੈ। ਜਸਟਿਸ ਵਿਕਰਮ ਨਾਥ ਤੇ ਜਸਟਿਸ ਸੰਦੀਪ ਮਹਿਤਾ ਦਾ ਬੈਂਚ ਸਲੇਮ ਵੱਲੋਂ ਬੰਬੇ ਹਾਈ ਕੋਰਟ ਦੇ ਅਪ੍ਰੈਲ ਵਿਚ ਸੁਣਾਏ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ। ਹਾਈ ਕੋਰਟ ਨੇ ਉਦੋਂ ਸਲੇਮ ਦੀ ਫੌਰੀ ਰਿਹਾਈ ਸਬੰਧੀ ਪਟੀਸ਼ਨ ਨੂੰ ‘ਸਮੇਂ ਤੋਂ ਪਹਿਲਾਂ’ ਤੇ ‘ਗ਼ਲਤ ਧਾਰਨਾ’ ਦੱਸ ਕੇ ਖਾਰਜ ਕਰ ਦਿੱਤਾ ਸੀ। ਸਲੇਮ 1993 ਮੁੰਬਈ ਲੜੀਵਾਰ ਬੰਬ ਧਮਾਕਿਆਂ ਦਾ ਮੁਜਰਮ ਹੈ, ਜਿਸ ਨੂੰ ਲੰਮੀ ਕਾਨੂੰਨੀ ਲੜਾਈ ਮਗਰੋਂ 11 ਨਵੰਬਰ 2005 ਨੂੰ ਪੁਰਤਗਾਲ ਤੋਂ ਵਾਪਸ ਭਾਰਤ ਲਿਆਂਦਾ ਗਿਆ ਸੀ। ਭਾਰਤ ਅਤੇ ਪੁਰਤਗਾਲ ਵਿਚਕਾਰ ਸਹਿਮਤੀ ਵਾਲੀਆਂ ਹਵਾਲਗੀ ਸ਼ਰਤਾਂ ਮੁਤਾਬਕ ਸਲੇਮ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਅਤੇ ਉਸ ਦੀ ਕੈਦ ਦੀ ਸਜ਼ਾ 25 ਸਾਲ ਤੋਂ ਵੱਧ ਨਹੀਂ ਹੋ ਸਕਦੀ।