ਸੁਪਰੀਮ ਕੋਰਟ ਵੱਲੋਂ ਰੋਡ ਰੇਜ ਕੇਸ ‘ਚ ਨਵਜੋਤ ਸਿੱਧੂ ਨੂੰ 1 ਸਾਲ ਦੀ ਕੈਦ

37
Share

ਚੰਡੀਗੜ੍ਹ, 19 ਮਈ (ਪੰਜਾਬ ਮੇਲ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਰੋਡ ਰੇਜ ਕੇਸ ‘ਚ ਸੁਪਰੀਮ ਕੋਰਟ ਵੱਲੋਂ ਵੀਰਵਾਰ ਨੂੰ 1 ਸਾਲ ਕੈਦ ਦੀ ਸਜ਼ਾ ਸੁਣਾਈ ਗਈ। ਸੁਪਰੀਮ ਕੋਰਟ ਨੇ 34 ਸਾਲ ਪੁਰਾਣੇ ਕੇਸ ‘ਚ ਫ਼ੈਸਲਾ ਸੁਣਾਉਂਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ ਜੁਰਮਾਨਾ ਵੀ ਕੀਤਾ ਹੈ।
ਜ਼ਿਕਰਯੋਗ ਹੈ ਕਿ 1988 ‘ਚ ਵਾਪਰੀ ਇਸ ਘਟਨਾ ਦੌਰਾਨ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ 15 ਮਈ 2018 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਸੀ, ਜਿਸ ‘ਚ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੂੰ ਗੈਰ-ਇਰਾਦਤਨ ਕਤਲ ਦਾ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮਾਮਲੇ ‘ਚ 3 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਸੀ। ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 65 ਸਾਲ ਦੇ ਇਕ ਵਿਅਕਤੀ ਨੂੰ ‘ਜਾਣਬੁੱਝ ਕੇ ਸੱਟਾਂ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ। ਕੋਰਟ ਨੇ ਸਿੱਧੂ ਦੀ ਜੇਲ੍ਹ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ 1000 ਰੁਪਏ ਜੁਰਮਾਨਾ ਲਾਇਆ ਸੀ।
ਸੁਪਰੀਮ ਕੋਰਟ ਨੇ ਸਿੱਧੂ ਦੇ ਸਹਿਯੋਗੀ ਰੁਪਿੰਦਰ ਸਿੰਘ ਸੰਧੂ ਨੂੰ ਵੀ ਸਭ ਦੋਸ਼ਾਂ ਤੋਂ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਦਸੰਬਰ 1988 ਵਿਚ ਅਪਰਾਧ ਸਮੇਂ ਸਿੱਧੂ ਨਾਲ ਉਨ੍ਹਾਂ ਦੀ ਮੌਜੂਦਗੀ ਬਾਰੇ ਕੋਈ ਭਰੋਸੇਯੋਗ ਸਬੂਤ ਨਹੀਂ ਹਨ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਮੁਲਜ਼ਮ ਅਤੇ ਪੀੜਤ ਦਰਮਿਆਨ ਕੋਈ ਪਿਛਲੀ ਦੁਸ਼ਮਣੀ ਨਹੀਂ ਸੀ। ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ‘ਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖਿਆ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ‘ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।
ਇਸਤਗਾਸਾ ਪੱਖ ਮੁਤਾਬਕ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸਿੰਘ ਸੰਧੂ ਨੇ 27 ਦਸੰਬਰ 1988 ਨੂੰ ਪਟਿਆਲਾ ‘ਚ ਸ਼ੇਰਾਂਵਾਲਾ ਗੇਟ ਕਰਾਸਿੰਗ ਨੇੜੇ ਆਪਣੀ ਜਿਪਸੀ ਸੜਕ ਦੇ ਬਿਲਕੁਲ ਵਿਚਕਾਰ ਖੜ੍ਹੀ ਕੀਤੀ ਹੋਈ ਸੀ। ਉਸ ਸਮੇਂ ਗੁਰਨਾਮ ਸਿੰਘ ਅਤੇ 2 ਹੋਰ ਵਿਅਕਤੀ ਪੈਸੇ ਕਢਵਾਉਣ ਲਈ ਬੈਂਕ ਜਾ ਰਹੇ ਸਨ। ਜਦੋਂ ਉਹ ਕਰਾਸਿੰਗ ‘ਤੇ ਪੁੱਜੇ ਤਾਂ ਮਾਰੂਤੀ ਕਾਰ ਚਲਾ ਰਹੇ ਗੁਰਨਾਮ ਸਿੰਘ ਨੇ ਜਿਪਸੀ ਨੂੰ ਸੜਕ ਦੇ ਵਿਚਕਾਰ ਖੜ੍ਹਾ ਵੇਖਿਆ। ਉਸ ਵਿਚ ਬੈਠੇ ਸਿੱਧੂ ਅਤੇ ਸੰਧੂ ਨੂੰ ਉਨ੍ਹਾਂ ਜਿਪਸੀ ਨੂੰ ਸੜਕ ਤੋਂ ਪਰ੍ਹਾ ਕਰਨ ਲਈ ਕਿਹਾ। ਇਸ ਗੱਲ ਨੂੰ ਲੈ ਕੇ ਤਿੱਖੀ ਝੜਪ ਹੋ ਗਈ ਸੀ। ਝਗੜੇ ਦੌਰਾਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਉਸ ਪਿੱਛੋਂ ਨਵਜੋਤ ਸਿੰਘ ਸਿੱਧੂ ਅਤੇ ਰੁਪਿੰਦਰ ਸੰਧੂ ‘ਤੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਮਾਮਲਾ ਦਰਜ ਕਰਵਾਇਆ ਗਿਆ ਸੀ।


Share