ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਸਿਹਤ ਦੀ ਪੁਸ਼ਟੀ ਲਈ ਸੀ.ਬੀ.ਆਈ. ਨੂੰ ਨਿਰਦੇਸ਼

464
Share

-’84 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਕੱਟ ਰਿਹੈ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ, 25 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਮੈਡੀਕਲ ਜਾਂਚ ਕਰਨ ਦਾ ਨਿਰਦੇਸ਼ ਸੀ.ਬੀ.ਆਈ. ਨੂੰ ਦਿੱਤਾ। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੇ ਸਿਹਤ ਦੇ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਬੇਨਤੀ ਅਦਾਲਤ ਤੋਂ ਕੀਤੀ ਹੈ। ਉਧਰ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਰਿਸ਼ੀਕੇਸ਼ ਰਾਏ ਨੇ ਸੱਜਣ ਕੁਮਾਰ ਦੀ ਪਟੀਸ਼ਨ ’ਤੇ ਸੀ.ਬੀ.ਆਈ. ਨੂੰ ਨੋਟਿਸ ਜਾਰੀ ਕੀਤਾ। ਅਦਾਲਤ ਨੇ ਸੀ.ਬੀ.ਆਈ. ਨੂੰ ਸੱਜਣ ਦੀ ਮੈਡੀਕਲ ਹਾਲਤ ਦੀ ਜਾਂਚ ਕਰ ਕੇ ਇਕ ਹਫ਼ਤੇ ’ਚ ਹਲਫ਼ਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ।
ਸੱਜਣ ਵਲੋਂ ਪੇਸ਼ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਕੁਮਾਰ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਜਾਣਾ ਚਾਹੀਦਾ ਹੈ ਕਿਉਂਕਿ ਇੱਥੋਂ ਦੇ ਸਰਕਾਰੀ ਹਸਪਤਾਲ ’ਚ ਉਨ੍ਹਾਂ ਦੀ ਹਾਲਤ ਠੀਕ ਨਹੀਂ ਹੋਈ ਹੈ। ਬੈਂਚ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸੂਬੇ ਤੋਂ ਕੋਈ ਇਸ ਦੀ ਜਾਂਚ ਕਰੇ। ਅਸੀਂ ਚਾਹੁੰਦੇ ਹਾਂ ਕਿ ਸੂਬਾ ਜਾਂਚ ਕਰੇ ਕਿ ਮੈਡੀਕਲ ਹਾਲਤ ਕਿਹੋ ਜਿਹੀ ਹੈ। ਵਕੀਲ ਨੇ ਕਿਹਾ ਕਿ ਪਹਿਲਾਂ ਵੀ ਸੱਜਣ ਕੁਮਾਰ ਦਾ ਇਲਾਜ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਕੀਤਾ ਸੀ ਅਤੇ ਉਨ੍ਹਾਂ ਦਾ ਫਿਰ ਤੋਂ ਉੱਥੋਂ ਹੀ ਇਲਾਜ ਕਰਵਾਇਆ ਜਾ ਸਕਦਾ ਹੈ।¿;
ਦੱਸਣਯੋਗ ਹੈ ਕਿ ਹਾਈ ਕੋਰਟ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮਾਮਲੇ ’ਚ ਸੱਜਣ ਕੁਮਾਰ ਅਤੇ ਹੋਰਨਾਂ ਨੂੰ 17 ਦਸੰਬਰ 2018 ਨੂੰ ਦੋਸ਼ੀ ਠਹਿਰਾਉਂਦੇ ਹੋਏ ਹੇਠਲੀ ਅਦਾਲਤ ਦਾ 2013 ਦਾ ਫ਼ੈਸਲਾ ਪਲਟਦੇ ਹੋਏ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਵਾਈ ਸੀ। ਹੁਣ ਇਸ ਮਾਮਲੇ ਦੀ ਅੱਗੇ ਦੀ ਸੁਣਵਾਈ 6 ਸਤੰਬਰ ਨੂੰ ਹੋਵੇਗੀ।

Share