#INDIA

ਸੁਮੇਧ ਸੈਣੀ ਖ਼ਿਲਾਫ਼ ਤੀਹਰੇ ਕਤਲ ਕੇਸ ਦੀ ਜਲਦੀ ਮੁਕੰਮਲ ਕੀਤੀ ਜਾਵੇ ਸੁਣਵਾਈ : ਦਿੱਲੀ High Court

ਨਵੀਂ ਦਿੱਲੀ, 7 ਮਈ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਕਿਹਾ ਹੈ ਕਿ 1994 ਦੇ ਤੀਹਰੇ ਕਤਲ ਕੇਸ ਦੀ ਸੁਣਵਾਈ ਜਲਦੀ ਮੁਕੰਮਲ ਕੀਤੀ ਜਾਵੇ, ਜਿਸ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਮੁਲਜ਼ਮ ਹੈ। ਹਾਈ ਕੋਰਟ ਨੇ ਇਸ ਮਾਮਲੇ ਨੂੰ ਕਿਸੇ ਹੋਰ ਟਰਾਇਲ ਕੋਰਟ ‘ਚ ਭੇਜਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਜਯੋਤੀ ਸਿੰਘ ਨੇ ਹੁਕਮਾਂ ਵਿਚ ਕਿਹਾ, ‘ਵਿਸ਼ੇਸ਼ ਜੱਜ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਜਾਂਦਾ ਹੈ ਕਿ ਇਸ ਮਾਮਲੇ ਵਿਚ ਬੇਲੋੜੀ ਦੇਰੀ ਨਾ ਕੀਤੀ ਜਾਵੇ।’ ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਦੀ ਅਦਾਲਤ ਤੋਂ ਕੇਸ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਲੰਬੇ ਸਮੇਂ ਤੋਂ ਹੋ ਰਹੀ ਹੈ ਤੇ ਕੇਸ ਨੂੰ ਹੋਰ ਥਾਂ ਭੇਜਣ ਨਾਲ ਨਵੇਂ ਜੱਜ ਨੂੰ ਇਸ ਮਾਮਲੇ ਦੀ ਦੁਬਾਰਾ ਸੁਣਵਾਈ ਕਰਨੀ ਪਵੇਗੀ, ਜਿਸ ਕਾਰਨ ਹੋਰ ਦੇਰੀ ਹੋਵੇਗੀ। ਦੱਸਣਾ ਬਣਦਾ ਹੈ ਕਿ ਇਹ ਕੇਸ ਰਾਊਜ਼ ਐਵੇਨਿਊ ਕੋਰਟ ‘ਚ ਸੁਣਵਾਈ ਅਧੀਨ ਹੈ। ਸੀ.ਬੀ.ਆਈ. ਨੇ ਦੋਸ਼ ਲਾਇਆ ਸੀ ਕਿ ਪੁਲਿਸ ਅਧਿਕਾਰੀਆਂ ਨੇ ਸੈਣੀ ਦੇ ਇਸ਼ਾਰੇ ‘ਤੇ ਤਿੰਨਾਂ ਵਿਅਕਤੀਆਂ ਦੀ ਹੱਤਿਆ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੀ.ਬੀ.ਆਈ. ਨੇ 18 ਅਪ੍ਰੈਲ 1994 ਨੂੰ ਸੈਣੀ ਤੇ ਹੋਰਾਂ ਖ਼ਿਲਾਫ਼ ਅਗਵਾ ਕਰਨ, ਗਲਤ ਢੰਗ ਨਾਲ ਕੈਦ ਰੱਖਣ ਤੇ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ ਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਸਾਲ 2004 ਵਿਚ ਇਹ ਕੇਸ ਦਿੱਲੀ ਤਬਦੀਲ ਕਰ ਦਿੱਤਾ ਗਿਆ ਸੀ।