#PUNJAB

ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੁੂ ਨਾਨਕ ਦੇਵ ਜੀ  ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

ਜਲੰਧਰ,  27 ਨਵੰਬਰ (ਪੰਜਾਬ ਮੇਲ)- ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅੱਜ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੁੂ ਨਾਨਕ ਦੇਵ ਜੀ  ਦੇ 554ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਸੰਗਤ ਨੇ ਹਾਜ਼ਰੀਆਂ ਭਰੀਆਂ ਤੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ। ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਤ ਘਾਟ ਤੋਂ ਆਰੰਭ ਹੋ ਕੇ ਦਾਣਾ ਮੰਡੀ, ਤਲਵੰਡੀ ਪੁਲ ਚੌਕ, ਆਰਿਆ ਸਮਾਜ ਚੌਕ, ਚੇਲਿਆਂ ਵਾਲਾ ਚੌਕ, ਸਦਰ ਬਾਜ਼ਾਰ, ਗੁਰਦੁਆਰਾ ਹੱਟ ਸਾਹਿਬ ਤੇ ਹੋਰ ਕਈ ਥਾਵਾਂ ਤੋਂ ਹੁੰਦਾ ਹੋਇਆ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।

ਨਗਰ ਕੀਰਤਨ ਦੇ ਰਾਹ ਵਿੱਚ ਕਈ ਥਾਈਂ ਸੰਗਤ ਨੇ ਲੰਗਰ ਲਾ ਕੇ ਅਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਨਗਰ ਕੀਰਤਨ ਦੀ ਸਮਾਪਤੀ ਮਗਰੋਂ ਸੰਗਤ ਬਾਬੇ ਨਾਨਕ ਦੀ ਪਵਿੱਤਰ ਵੇਈਂ ’ਤੇ ਵੀ ਨਤਮਸਤਕ ਹੋਈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਰਜਿੰਦਰ ਸਿੰਘ ਧਾਮੀ ਸਮੇਤ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਰਹੇ।

ਸ਼ਹਿਰ ਵਿੱਚ ਦਾਣਾ ਮੰਡੀ, ਸ਼ਹੀਦ ਊਧਮ ਸਿੰਘ ਚੌਕ, ਕਚਹਿਰੀ ਚੌਕ, ਬੀਡੀਪੀਓ ਦਫ਼ਤਰ ਸਾਹਮਣੇ, ਤਲਵੰਡੀ ਪੁਲ ਆਦਿ ਸਥਾਨਾਂ ’ਤੇ ਸੰਗਤ ਵੱਲੋਂ ਵਿਸ਼ਾਲ ਲੰਗਰ ਲਗਾਏ ਗਏ ਸਨ। ਗਲਾਈਡਰ ਰਾਹੀਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ’ਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸਾਬਕਾ ਮੰਤਰੀ ਡਾ. ਉਪਿੰਦਰਜੀਤ ਕੌਰ, ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਕੈਪਟਨ ਹਰਮਿੰਦਰ ਸਿੰਘ ਹਲਕਾ ਇੰਚਾਰਜ ਅਕਾਲੀ ਦਲ, ਸੱਜਣ ਸਿੰਘ ਚੀਮਾ ਹਲਕਾ ਇੰਚਾਰਜ ‘ਆਪ’ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।