ਸੁੱਚਾ ਸਿੰਘ ਛੋਟੇਪੁਰ ਸਾਥੀਆਂ ਸਮੇਤ ਅਕਾਲੀ ਦਲ ’ਚ ਹੋਏ ਸ਼ਾਮਲ

245
ਸੁੱਚਾ ਸਿੰਘ ਛੋਟੇਪੁਰ ਦਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਣ ’ਤੇ ਸਵਾਗਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ।
Share

– ਸੁਖਬੀਰ ਨੇ ਸ. ਛੋਟੇਪੁਰ ਦਾ ਪਾਰਟੀ ’ਚ ਸਵਾਗਤ ਕਰਦਿਆਂ ਬਟਾਲਾ ਤੋਂ ਐਲਾਨਿਆ ਉਮੀਦਵਾਰ
– ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਵੀ ਥਾਪਿਆ
ਚੰਡੀਗੜ੍ਹ, 10 ਦਸੰਬਰ (ਪੰਜਾਬ ਮੇਲ)-ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਟਕਸਾਲੀ ਆਗੂ ਸ. ਸੁੱਚਾ ਸਿੰਘ ਛੋਟੇਪੁਰ ਸਾਥੀਆਂ ਸਮੇਤ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿੱਥੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ, ਉੱਥੇ ਸ. ਛੋਟੇਪੁਰ ਨੂੰ ਬਟਾਲਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨ ਦਿੱਤਾ। ਇਸ ਦੇ ਨਾਲ ਹੀ ਸ. ਛੋਟੇਪੁਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਵੀ ਥਾਪ ਦਿੱਤਾ ਗਿਆ। ਸ. ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ. ਛੋਟੇਪੁਰ ਦੇ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਮਾਝੇ ਸਮੇਤ ਪੂਰੇ ਪੰਜਾਬ ’ਚ ਉਨ੍ਹਾਂ ਨੂੰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸ. ਛੋਟੇਪੁਰ ਪੰਜਾਬ ਦੇ ਪੁਰਾਣੇ ਅਤੇ ਨੇਕ ਸਿਆਸਤਦਾਨ ਹਨ ਅਤੇ ਜਦੋਂ ਆਮ ਆਦਮੀ ਪਾਰਟੀ ਪੰਜਾਬ ’ਚ ਬਣਾਈ ਗਈ ਸੀ, ਇਨ੍ਹਾਂ ਨੇ ਹੀ ਪਾਰਟੀ ਨੂੰ ਪੰਜਾਬ ’ਚ ਖੜ੍ਹਾ ਕੀਤਾ ਸੀ ਪਰ ਆਮ ਆਦਮੀ ਪਾਰਟੀ ਨੇ ਇਨ੍ਹਾਂ ਨਾਲ ਧੋਖਾ ਕੀਤਾ ਅਤੇ ਜਿਵੇਂ ਹੀ ਸ. ਛੋਟੇਪੁਰ ਨੇ ਪਾਰਟੀ ਛੱਡੀ ਤਾਂ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹੇਠਾਂ ਆ ਡਿੱਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵੇਂ ਅਕਾਲੀ ਦਲ ਨੂੰ ਮਿਲ ਰਹੇ ਹੁੰਗਾਰੇ ਅਤੇ ਸਮਰਥਨ ਕਾਰਨ ਘਬਰਾਹਟ ਅਤੇ ਬੌਖਲਾਹਟ ਵਿਚ ਹਨ। ਇਸ ਮੌਕੇ ਸ. ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਪੰਥ ਤੇ ਪੰਜਾਬ ਦੀ ਇੱਕੋ ਹੀ ਪਾਰਟੀ ਹੈ ਸ਼੍ਰੋਮਣੀ ਅਕਾਲੀ ਦਲ ਅਤੇ ਇਕ ਤਰ੍ਹਾਂ ਨਾਲ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਥ ਅਤੇ ਪੰਜਾਬ ਨੂੰ ਬਚਾਉਣ ਦੀ ਲੋੜ ਹੈ, ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਖੇਤਰੀ ਪਾਰਟੀ ਅਕਾਲੀ ਦਲ ਜਿਸ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ, ਸਿਰਫ਼ ਇਹ ਪਾਰਟੀ ਹੀ ਪੰਜਾਬ ਅਤੇ ਪੰਜਾਬੀਆਂ ਦਾ ਭਲਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਅਕਾਲੀ ਦਲ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਬਿਹਤਰੀ ਲਈ ਕੰਮ ਕੀਤਾ ਪਰ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੋਇਆ।
ਸ. ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੂੰ ਆਉਦੀਆਂ ਵਿਧਾਨ ਸਭਾ ਚੋਣਾਂ ’ਚ 10 ਸੀਟਾਂ ਵੀ ਨਹੀਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ 100 ਸੀਟਾਂ ਜਿੱਤਣ ਦਾ ਦਾਅਵਾ ਕਰ ਰਹੀ ਸੀ ਪਰ ਉਸ ਦੇ ਬਾਵਜੂਦ ਉਨ੍ਹਾਂ ਨੂੰ 20 ਸੀਟਾਂ ਮਿਲੀਆਂ ਅਤੇ ਹੁਣ ਤਾਂ ਵੀਹ ’ਚੋਂ ਵੀ ਅੱਧੇ ਵਿਧਾਇਕ ਭੱਜ ਚੁੱਕੇ ਹਨ। ਉਧਰ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਪੁਰਾਣੇ ਟਕਸਾਲੀ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ’ਚ ਵਾਪਸ ਆ ਜਾਣ, ਉਨ੍ਹਾਂ ਦੀ ਅਸਲੀ ਥਾਂ ਉਨ੍ਹਾਂ ਦੀ ਆਪਣੀ ਪਾਰਟੀ ’ਚ ਹੀ ਹੈ।

Share