ਸੈਣੀ ਨੂੰ 23 ਸਤੰਬਰ ਨੂੰ ‘ਸਿਟ’ ਸਾਹਮਣੇ ਪੇਸ਼ ਹੋਣ ਦੇ ਹੁਕਮ

632

ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਮੁੜ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮੁਹਾਲੀ ਪੁਲਿਸ ਨੇ ਸੇਵਾਮੁਕਤ ਆਈਏਐਸ ਅਫ਼ਸਰ ਦੇ ਪੁੱਤਰ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਤੇ ਲਾਪਤਾ ਕਰਨ ਦੇ ਕੇਸ ਵਿੱਚ ਸੈਣੀ ਤਲਬ ਕੀਤਾ ਹੈ। ਸੈਣੀ ਨੂੰ 23 ਸਤੰਬਰ ਨੂੰ ਸਵੇਰੇ 11 ਵਜੇ ਮਟੌਰ ਥਾਣੇ ਵਿੱਚ ‘ਸਿਟ’ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਯਾਦ ਰਹੇ ਸੈਣੀ ਖਿਲਾਫ ਤਿੰਨ ਦਹਾਕੇ ਪਹਿਲਾਂ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਜਿਹੇ ਗੰਭੀਰ ਦੋਸ਼ਾਂ ਤਹਿਤ ਕੇਸ ਚੱਲ ਰਿਹਾ ਹੈ। ਪੁਲਿਸ ਸੈਣੀ ਦੀ ਗ੍ਰਿਫਤਾਰੀ ਚਾਹੁੰਦੀ ਸੀ ਪਰ ਸਪਰੀਮ ਕੋਰਟ ਨੇ ਸਾਬਕਾ ਡੀਜੀਪੀ ਨੂੰ ਆਰਜ਼ੀ ਰਾਹਤ ਦੇ ਦਿੱਤੀ ਹੈ। ਉਂਝ ਅਦਾਲਤ ਨੇ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਸੀ। ਇਸ ਮਗਰੋਂ 15 ਸਤੰਬਰ ਨੂੰ ਸੁਪਰੀਮ ਕੋਰਟ ’ਚੋਂ ਆਰਜ਼ੀ ਜ਼ਮਾਨਤ ਕਰਵਾਉਣ ਦੇ ਬਾਵਜੂਦ ਹਾਲੇ ਤੱਕ ਸੈਣੀ ਪੁਲਿਸ ਕੋਲ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ। ਇਹ ਵੀ ਅਹਿਮ ਹੈ ਕਿ ਸੈਣੀ ਹੋਰ ਵੀ ਕਈ ਮਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਇਸ ਲਈ ਖਦਸ਼ਾ ਹੈ ਕਿ ਪੁਲਿਸ ਉਸ ਨੂੰ ਹੋਰ ਮਾਮਲੇ ਵਿੱਚ ਉਲਝਾ ਕੇ ਗ੍ਰਿਫਤਾਰ ਕਰ ਸਕਦੀ ਹੈ।