ਨਵੀਂ ਦਿੱਲੀ, 28 ਮਈ (ਪੰਜਾਬ ਮੇਲ)- ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਮਤਭੇਦਾਂ ਨੂੰ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਕਾਇਮ ਕੀਤੀ ਹੈ। ਕਾਂਗਰਸ ਪ੍ਰਧਾਨ ਵੱਲੋਂ ਸ਼ੁੱਕਰਵਾਰ ਨੂੰ ਇਹ ਕਦਮ ਦੋਵਾਂ ਆਗੂਆਂ ਵਿਚਾਲੇ ਸ਼ਬਦੀ ਜੰਗ ਖੁੱਲ੍ਹ ਕੇ ਸਾਹਮਣੇ ਆਉਣ ਮਗਰੋਂ ਚੁੱਕਿਆ ਗਿਆ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਮਲਿਕਾਅਰਜੁਨ ਖੜਗੇ ਨੂੰ ਇਸ ਕਮੇਟੀ ਦਾ ਚੇਅਰਮੈਨ ਹੋਣਗੇ। ਪੈਨਲ ਵਿਚ ਉਨ੍ਹਾਂ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਜੇ.ਪੀ. ਅਗਰਵਾਲ ਸ਼ਾਮਲ ਹਨ। ਕਮੇਟੀ ਦੀ ਪਹਿਲੀ ਮੀਟਿੰਗ ਸ਼ਨਿਚਰਵਾਰ ਸਵੇਰੇ ਦਿੱਲੀ ’ਚ ਪਾਰਟੀ ਦੇ ਮੁੱਖ ਦਫ਼ਤਰ ਵਿਚ ਕੀਤੀ ਜਾਵੇਗੀ।