ਸੋਮਵਾਰ ਨੂੰ ਲਖਨਊ ’ਚ ਹੋਵੇਗੀ ਕਿਸਾਨ ਮਹਾਪੰਚਾਇਤ

311
Share

ਲਖਨਊ, 21 ਨਵੰਬਰ (ਪੰਜਾਬ ਮੇਲ)- ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਸਮੇਤ ਵੱਖ-ਵੱਖ ਮੰਗਾਂ ਲਈ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਸੋਮਵਾਰ ਨੂੰ ਲਖਨਊ ਵਿਚ ਕਿਸਾਨ ਮਹਾਪੰਚਾਇਤ ਬੁਲਾਈ ਹੈ, ਜਿਸ ਵਿਚ ਐੱਸਕੇਐੱਮ ਭਵਿੱਖ ਦੀ ਰਣਨੀਤੀ ’ਤੇ ਵਿਚਾਰ ਕਰੇਗੀ। ਕੇਂਦਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦੇ ਬਾਵਜੂਦ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਰੰਟੀ ਵਾਲਾ ਕਾਨੂੰਨ ਨਹੀਂ ਬਣਾਉਂਦੀ ਅਤੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਨੂੰ ਬਰਖਾਸਤ ਨਹੀਂ ਕੀਤਾ ਜਾਂਦਾ, ਅੰਦੋਲਨ ਜਾਰੀ ਰਹੇਗਾ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੋਮਵਾਰ ਨੂੰ ਲਖਨਊ ਦੇ ਈਕੋ ਗਾਰਡਨ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਲਈ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਐਤਵਾਰ ਨੂੰ ‘ਚਲੋ ਲਖਨਊ-ਚਲੋ ਲਖਨਊ’ ਦੇ ਨਾਅਰੇ ਨਾਲ ਟਵੀਟ ਕੀਤਾ, ‘ਸਰਕਾਰ ਵੱਲੋਂ ਜੋ ਖੇਤੀ ਸੁਧਾਰਾਂ ਦੀ ਗੱਲ ਕੀਤੀ ਜਾ ਰਹੀ ਹੈ, ਉਹ ਫਰਜ਼ੀ ਹਨ। ਇਨ੍ਹਾਂ ਸੁਧਾਰਾਂ ਨਾਲ ਕਿਸਾਨਾਂ ਦੀ ਦੁਰਦਸ਼ਾ ਰੁਕਣ ਵਾਲੀ ਨਹੀਂ ਹੈ। ਸਭ ਤੋਂ ਵੱਡਾ ਸੁਧਾਰ ਖੇਤੀਬਾੜੀ ਅਤੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਕਾਨੂੰਨ ਬਣਾਉਣਾ ਹੋਵੇਗਾ।’


Share