ਸੋਸ਼ਲ ਮੀਡੀਆ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

555
Share

ਉਜਰ ਜਤਾਏ ਵਿਸ਼ਾ ਵਸਤੂ ਨੂੰ 36 ਘੰਟਿਆਂ ਅੰਦਰ ਆਪਣੇ ਮੰਚ ਤੋਂ ਹਟਾਉਣਾ ਹੋਵੇਗਾ

ਨਵੀਂ ਦਿੱਲੀ, 26 ਫਰਵਰੀ (ਪੰਜਾਬ ਮੇਲ)- ਸਰਕਾਰ ਨੇ ਫੇਸਬੁੱਕ ਤੇ ਟਵਿੱਟਰ ਜਿਹੇ ਸੋਸ਼ਲ ਮੀਡੀਆ ਪਲੈਟਫਾਰਮਾਂ ਦੀ ਦੁਰਵਰਤੋਂ ਨੂੰ ਰੋਕਣ ਤੇ ਨੈੱਟਫਲਿਕਸ ਜਿਹੇ ਓਟੀਟੀ ਪਲੇਅਰਾਂ ਦੀ ਨਕੇਲ ਕੱਸਣ ਦੇ ਇਰਾਦੇ ਨਾਲ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਨਵੇਂ ਨਿਰਦੇਸ਼ਾਂ ਮੁਤਾਬਕ ਸੋਸ਼ਲ ਮੀਡੀਆ ਪਲੈਟਫਾਰਮਾਂ ਨੂੰ ਅਥਾਰਿਟੀਜ਼ ਵੱਲੋਂ ਉਜਰ ਜਤਾਏ ਵਿਸ਼ਾ ਵਸਤੂ ਨੂੰ 36 ਘੰਟਿਆਂ ਅੰਦਰ ਆਪਣੇ ਮੰਚ ਤੋਂ ਹਟਾਉਣਾ ਹੋਵੇਗਾ। ਇਹੀ ਨਹੀਂ ਇਨ੍ਹਾਂ ਪਲੈਟਫਾਰਮਾਂ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਲਈ ਇਕ ਚੌਖਟਾ ਵਿਕਸਤ ਕਰਨਾ ਹੋਵੇਗਾ, ਜਿਸ ਦੇ ਅਧਿਕਾਰੀ ਦਾ ਦਫ਼ਤਰ ਭਾਰਤ ਵਿੱਚ ਹੀ ਅਧਾਰਿਤ ਹੋਵੇਗਾ। ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਮੁਤਾਬਕ ਟਵਿੱਟਰ ਤੇ ਵੱਟਸਐਪ ਜਿਹੇ ਪਲੈਟਫਾਰਮਾਂ ਲਈ ਅਜਿਹੇ ਕਿਸੇ ਵੀ ਸੁਨੇਹੇ, ਜਿਸ ਨੂੰ ਦੇਸ਼ ਵਿਰੋਧੀ ਤੇ ਦੇਸ਼ ਦੀ ਸੁਰੱਖਿਆ ਤੇ ਅਖੰਡਤਾ ਲਈ ਖ਼ਤਰਾ ਮੰਨਿਆ ਜਾਵੇਗਾ, ਦੇ ਮੂਲ ਸਰੋਤ ਦੀ ਪਛਾਣ ਕਰਨੀ ਲਾਜ਼ਮੀ ਹੋਵੇਗੀ। ਸਰਕਾਰ ਨੇ ਡਿਜੀਟਲ ਮੀਡੀਆ ਤੇ ਓਟੀਟੀ ਵੱਲ ਧਿਆਨ ਕੇਂਦਰਤ ਕਰਦਿਆਂ ਜਿੱਥੇ ਪੱਤਰਕਾਰੀ ਤੇ ਸਿਰਜਣਾਤਮਕ ਅਜ਼ਾਦੀ ਦੀ ਖੁੱਲ੍ਹ ਨੂੰ ਬਰਕਰਾਰ ਰੱਖਿਆ ਹੈ, ਉਥੇ ਸਵੈ-ਕੰਟਰੋਲ ਵਾਲਾ ਚੌਖਟਾ ਵਿਕਸਤ ਕਰਨ ਲਈ ਕਿਹਾ ਹੈ। ਉਂਜ ਪਹਿਲੀ ਵਾਰ ਹੈ ਜਦੋਂ ਦੇਸ਼ ਦੇ ਅਧਿਕਾਰ ਖੇਤਰ ’ਚ ਚਲਦੇ ਡਿਜੀਟਲ ਤੇ ਆਨਲਾਈਨ ਮੀਡੀਆ ਲਈ ਨੇਮ ਘੜੇ ਗਏ ਹਨ। ਸਰਕਾਰ ਨੇ ਇਹ ਦਿਸ਼ਾ ਨਿਰਦੇਸ਼ ਅਜਿਹੇ ਮੌਕੇ ਜਾਰੀ ਕੀਤੇ ਹਨ, ਜਦੋਂ ਕਿਸਾਨ ਅੰਦੋਲਨ ਬਾਰੇ ਕੁਝ ਸੁਨੇਹਿਆਂ ਨੂੰ ਲੈ ਕੇ ਸਰਕਾਰ ਤੇ ਟਵਿੱਟਰ ਦਰਮਿਆਨ ਸ਼ਬਦੀ ਜੰਗ ਸਿਖਰ ’ਤੇ ਸੀ। ਸਰਕਾਰ ਨੇ ਮਾਈਕਰੋ ਬਲੌਗਿੰਗ ਸਾਈਟ ਟਵਿੱਟਰ ਨੂੰ 1500 ਦੇ ਕਰੀਬ ਖਾਤੇ ਬੰਦ ਕਰਨ ਤੇ ਸੁਨੇਹੇ ਹਟਾਉਣ ਲਈ ਕਿਹਾ ਸੀ। ਟਵਿੱਟਰ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਹਵਾਲੇ ਨਾਲ ਪਹਿਲਾਂ ਤਾਂ ਸਰਕਾਰ ਨੂੰ ਨਾਂਹ ਕਰ ਦਿੱਤੀ, ਪਰ ਜਦੋਂ ਸਰਕਾਰ ਨੇ ਫੌਜਦਾਰੀ ਕੇਸ ਦੀ ਚੇਤਾਵਨੀ ਦਿੱਤੀ ਤਾਂ ਟਵਿੱਟਰ ਨੇ ਹਾਮੀ ਭਰ ਦਿੱਤੀ।

Share