ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਜਸਪ੍ਰੀਤ ਸਿੰਘ ਨਾਲ ਮੁਲਾਕਾਤ

106
Share

ਨਿਊਯਾਰਕ, 12 ਮਈ (ਪੰਜਾਬ ਮੇਲ)- ਅਮਰੀਕਾ ’ਚ ਦਸਤਾਰ ਸਜਾ ਕੇ ਜਿਹੜੇ ਸਿੱਖ ਉੱਚ ਅਹੁਦਿਆਂ ’ਤੇ ਕੰਮ ਕਰ ਰਹੇ ਹਨ, ਉਸ ਨਾਲ ਇਥੇ ਸਿੱਖੀ ਦੀ ਪਹਿਚਾਣ ਬਣਦੀ ਹੈ। ਇਹ ਸ਼ਬਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉੱਘੇ ਵਕੀਲ ਸ. ਜਸਪ੍ਰੀਤ ਸਿੰਘ ਦੇ ਨਿਊਯਾਰਕ ਸਥਿਤ ਦਫਤਰ ਵਿਖੇ ਕਹੇ। ਉਨ੍ਹਾਂ ਕਿਹਾ ਕਿ ਅੱਜ ਅਮਰੀਕਾ ਵਿਚ ਦਸਤਾਰਧਾਰੀ ਇੰਜੀਨੀਅਰ, ਡਾਕਟਰ, ਵਕੀਲ, ਸਾਇੰਟੀਸਟ, ਮਿਲਟਰੀ ਅਤੇ ਹੋਰ ਇਸ ਤਰ੍ਹਾਂ ਦੇ ਉੱਚ ਅਹੁਦਿਆਂ ’ਤੇ ਸਿੱਖ ਵਿਰਾਜਮਾਨ ਹਨ, ਜੋ ਕਿ ਸ਼ਲਾਘਾਯੋਗ ਹੈ। ਸਮੁੱਚੀ ਕੌਮ ਨੂੰ ਇਨ੍ਹਾਂ ਸਿੱਖਾਂ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਬਿਹਤਰ ਹੈ ਕਿ ਜੇ ਉਹ ਵਿਦੇਸ਼ਾਂ ਵਿਚ ਵੀ ਸਾਬਤ-ਸੂਰਤ ਰਹਿਣ। ਗਿਆਨੀ ਹਰਪ੍ਰੀਤ ਸਿੰਘ ਨੇ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਨਾਲ ਸਿੱਖੀ ਬਾਰੇ ਅਤੇ ਸਿੱਖ ਸਿਆਸਤ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰੇ ਕੀਤੇ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਹ ਆਪਣੇ ਕੰਮ ਵਿਚ ਪੂਰੀ ਮੁਹਾਰਤ ਰੱਖਦੇ ਹਨ। ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਅਮਰੀਕਾ ਬਾਰੇ ਭਰਪੂਰ ਜਾਣਕਾਰੀ ਹੈ। ਇਨ੍ਹਾਂ ਨਾਲ ਗੱਲਬਾਤ ਕਰਨ ਨਾਲ ਬਹੁਤ ਜਾਣਕਾਰੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਅਮਰੀਕਾ ਵਿਚ ਪੰਜਾਬੀ ਅਟਾਰਨੀ ਵੀ ਹਨ, ਜਿਸ ਕਰਕੇ ਪੰਜਾਬ ਤੋਂ ਆਏ ਲੋਕਾਂ ਨੂੰ ਆਪਣੀ ਜ਼ੁਬਾਨ ਵਿਚ ਗੱਲ ਕਰਨ ਦਾ ਮੌਕਾ ਮਿਲ ਜਾਂਦਾ ਹੈ। ਜਸਪ੍ਰੀਤ ਸਿੰਘ ਅਟਾਰਨੀ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਸਮਾਂ ਕੱਢ ਕੇ ਉਨ੍ਹਾਂ ਦੇ ਦਫਤਰ ਆਉਣ ਲਈ ਧੰਨਵਾਦ ਕੀਤਾ।


Share