#PUNJAB

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਵੀ ਪਾਈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਸੰਸਾਰਕ ਤਖ਼ਤ ਇਨਸਾਫ਼ ਦੇਣ ਤੋਂ ਇਨਕਾਰੀ ਹੋ ਜਾਣ, ਤਾਂ ਗੁਰੂ ਦਾ ਤਖ਼ਤ ਸਦਾ ਸੱਚ, ਧਰਮ ਅਤੇ ਇਨਸਾਫ਼ ਦਾ ਕੇਂਦਰ ਬਣ ਕੇ ਮਨੁੱਖਤਾ ਦੀ ਅਗਵਾਈ ਕਰੇਗਾ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਵੀ ਹਾਕਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦਿੱਤੀ, ਉਹ ਸਮੇਂ ਦੀ ਧੂੜ ਬਣ ਗਏ, ਪਰ ਗੁਰੂ ਦਾ ਇਹ ਸੱਚਾ ਤਖ਼ਤ ਸਦਾ ਅਡੋਲ ਰਿਹਾ ਹੈ ਅਤੇ ਅੱਗੇ ਵੀ ਰਹੇਗਾ।