ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਸੰਬੰਧੀ ਪੰਜ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ

638
Share

ਅੰਮ੍ਰਿਤਸਰ, 26 ਅਗਸਤ (ਪੰਜਾਬ ਮੇਲ)- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਈ ਗਈ ਪੜਤਾਲ ਅਨੁਸਾਰ (ਨਤੀਜਾ ਰਿਪੋਰਟ 10 ਪੇਜ ਅਤੇ ਮੁਕੰਮਲ ਰਿਪੋਰਟ 1000 ਪੇਜ) ਪਾਇਆ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਰ ਲੈਜਰ ‘ਚ ਠੀਕ ਢੰਗ ਨਾਲ ਮੈਨਟੇਨ ਨਹੀਂ ਕੀਤੇ ਗਏ। ਓਪਨ ਅਤੇ ਕਲੋਜ਼ਿੰਗ ਲੈਜਰ ਵਿਚ ਵਾਰ-ਵਾਰ ਕਟਿੰਗ ਅਤੇ ਛੇੜ-ਛਾੜ ਕੀਤੀ ਸਾਬਤ ਹੋਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪ੍ਰਕਾਸ਼ਨਾ ਦਾ ਕੰਮ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਿਰਫ ਸ਼੍ਰੋਮਣੀ ਕਮੇਟੀ ਨੂੰ ਹੀ ਸੌਂਪਿਆ ਗਿਆ ਹੈ। ਪੂਰੀ ਦੁਨੀਆਂ ਵਿਚ ਗੁਰੂ ਗ੍ਰੰਥ ਸਾਹਿਬ ਛਾਪ ਕੇ ਸਿੱਖ ਸੰਸਥਾਵਾਂ ਨੂੰ ਵੰਡਣ ਦਾ ਕੰਮ ਸ਼੍ਰੋਮਣੀ ਕਮੇਟੀ ਦੇ ਜ਼ਿੰਮੇ ਹੈ। ਪਰ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੁਆਚੀਆਂ ਬੀੜਾਂ ਦੀ ਗਿਣਤੀ 267 ਨਹੀਂ, ਸਗੋਂ 328 ਸੀ। ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਕਮੇਟੀ ਦੇ ਸਟੋਰ ਲੈਜਰਾਂ ਨਾਲ ਵਾਰ-ਵਾਰ ਛੇੜਛਾੜ ਕੀਤੀ ਜਾਂਦੀ ਰਹੀ ਹੈ। ਇਸ ਸਾਰੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਵੀ ਪਾਈ ਗਈ ਹੈ। ਸ਼੍ਰੋਮਣੀ ਕਮੇਟੀ ਹੁਣ ਤੱਕ ਇਹੀ ਕਹਿੰਦੀ ਆ ਰਹੀ ਸੀ ਕਿ ਸਟਾਕ ਲੈਜਰ ਵਿਚੋਂ 267 ਸਰੂਪ ਘੱਟ ਹਨ। ਹੁਣ ਇਹ ਗੱਲ ਸਪੱਸ਼ਟ ਹੋਈ ਹੈ ਕਿ ਸਰੂਪ ਹੀ ਘੱਟ ਨਹੀਂ ਸਨ, ਸਗੋਂ ਬਿਲਾਂ ਵਿਚ ਵੀ ਬਹੁਤ ਅੰਤਰ ਹੈ। ਇਸ ਨਾਲ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਸ਼੍ਰੋਮਣੀ ਕਮੇਟੀ ਅੰਦਰ ਪਾਵਨ ਸਰੂਪਾਂ ਦੀ ਨਾਜਾਇਜ਼ ਵਿਕਰੀ ਕਰਕੇ ਕਮਾਈ ਕੀਤੀ ਜਾਂਦੀ ਰਹੀ ਹੈ। ਸਿੰਘ ਸਾਹਿਬਾਨ ਨੇ ਇਸ ਕਾਰਵਾਈ ਨੂੰ ਵੱਡੀ ਬੇਇਮਾਨੀ ਅਤੇ ਅਣਗਹਿਲੀ ਦੱਸਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਵੀ ਦਿੱਤਾ ਹੈ ਕਿ ਇਕ ਹਫਤੇ ਦੇ ਅੰਦਰ ਅੰਤਰਿਗ ਕਮੇਟੀ ਦੀ ਮੀਟਿੰਗ ਸੱਦ ਕੇ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ 19 ਮਈ 2016 ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ, ਅੰਮ੍ਰਿਤਸਰ ਸਥਿਤ ਪਬਲਿਕੇਸ਼ਨ ਵਿਭਾਗ ਵਿਚ ਪਾਵਨ ਸਰੂਪ ਅਗਨ ਭੇਂਟ ਹੋਣ ਲਈ ਸਮੁੱਚੀ ਅੰਤਰਿਗ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਲਈ ਕਿਹਾ ਹੈ। ਪਾਵਨ ਸਰੂਪਾਂ ਦੇ ਘਟਣ ਅਤੇ ਫਿਰ ਇਨ੍ਹਾਂ ਦੀ ਨਿੱਜੀ ਹਿਤਾਂ ਲਈ ਵਿਕਰੀ ਸਾਡੇ ਧਾਰਮਿਕ ਪ੍ਰਬੰਧ ਉਪਰ ਵੱਡਾ ਸਵਾਲੀਆ ਚਿੰਨ੍ਹ ਖੜ੍ਹਾ ਕਰਨ ਵਾਲੀ ਹੈ। ਸਿੰਘ ਸਾਹਿਬਾਨ ਦੀ ਮੀਟਿੰਗ ‘ਚ ਦੂਜਾ ਵੱਡਾ ਮਾਮਲਾ ਸਿੱਖ ਮਿਸ਼ਨਰੀਆਂ ਅਤੇ ਸਿੱਖ ਧਰਮ ਦੀ ਰਵਾਇਤੀ ਵਿਆਖਿਆ ਕਰਨ ਵਾਲੇ ਡੇਰਿਆਂ ਤੇ ਟਕਸਾਲ ਵਿਚਕਾਰ ਚੱਲ ਰਹੇ ਟਕਰਾਅ ਦਾ ਸੀ। ਭਾਵੇਂ ਇਸ ਮਸਲੇ ਉਪਰ ਸਮੁੱਚੇ ਰੂਪ ਵਿਚ ਤਾਂ ਨਹੀਂ ਵਿਚਾਰਿਆ ਗਿਆ। ਪਰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਸਿੱਖ ਧਰਮ, ਗ੍ਰੰਥਾਂ ਅਤੇ ਇਤਿਹਾਸਕ ਥਾਵਾਂ ਬਾਰੇ ਕੀਤੀ ਜਾ ਰਹੀ ਵਿਆਖਿਆ ਤੋਂ ਸਿੰਘ ਸਾਹਿਬ ਨੇ ਸਪੱਸ਼ਟ ਨਾਰਾਜ਼ਗੀ ਜ਼ਾਹਿਰ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਢੱਡਰੀਆਂਵਾਲਿਆਂ ਨਾਲ ਗੱਲਬਾਤ ਕਰਨ ਵਾਸਤੇ ਇਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਸੀ। ਢੱਡਰੀਆਂਵਾਲਿਆਂ ਨੇ ਇਸ ਕਮੇਟੀ ਨੂੰ ਮਿਲ ਕੇ ਸਪੱਸ਼ਟੀਕਰਨ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਕਰਕੇ ਹੁਣ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਇਆ ਹੈ ਕਿ ਜਦ ਤੱਕ ਢੱਡਰੀਆਂਵਾਲਾ ਆਪਣੀ ਗਲਤ ਬਿਆਨੀ ਲਈ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦਾ, ਉਦੋਂ ਤੱਕ ਸਿੱਖ ਸੰਗਤ ਉਸ ਦੇ ਸਮਾਗਮ ਨਾ ਕਰਵਾਏ। ਇਸ ਦੇ ਪ੍ਰਚਾਰ ਨੂੰ ਨਾ ਸੁਣਿਆ ਜਾਵੇ ਤੇ ਨਾ ਹੀ ਉਸ ਦੀਆਂ ਵੀਡੀਓ ਆਦਿ ਅਗਾਂਹ ਸਾਂਝੀਆਂ ਕੀਤੀਆਂ ਜਾਣ। ਦੂਜੇ ਪਾਸੇ ਢੱਡਰੀਆਂਵਾਲੇ ਨੇ ਸਿੰਘ ਸਾਹਿਬ ਦੇ ਫੈਸਲੇ ਨੂੰ ਚੁਣੌਤੀ ਦੇ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਮੈਨੂੰ ਸਾਬਤ ਕਰ ਦਿੱਤਾ ਜਾਵੇ ਕਿ ਮੈਂ ਗਲਤ ਹਾਂ, ਤਾਂ ਮੈਂ ਲੰਮਾ ਪੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਨੂੰ ਤਿਆਰ ਹਾਂ। ਉਹ ਆਖਦੇ ਹਨ ਕਿ ਮੈਂ ਤਾਂ ਜਿੰਨੀਆਂ ਵੀ ਗੱਲਾਂ ਕੀਤੀਆਂ ਹਨ, ਉਹ ਸਾਡੇ ਧਾਰਮਿਕ ਗ੍ਰੰਥਾਂ ਵਿਚ ਪੜ੍ਹ ਕੇ ਹੀ ਸੁਣਾਈਆਂ ਹਨ।
ਪਿਛਲੇ ਦਿਨੀਂ ਅਯੁੱਧਿਆ ਵਿਖੇ ਰਾਮ ਮੰਦਰ ਦੀ ਉਸਾਰੀ ਸਮਾਗਮ ‘ਚ ਸ਼ਾਮਲ ਹੋਏ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਿੱਖਾਂ ਨੂੰ ਲਵ ਅਤੇ ਕੁਸ਼ ਦੇ ਵਾਰਸ ਦੱਸਿਆ ਸੀ ਅਤੇ ‘ਸਿੱਖ ਇਕ ਵੱਖਰੀ ਕੌਮ’ ਬਾਰੇ ਵਿਵਾਦ ਖੜ੍ਹਾ ਕਰ ਦਿੱਤਾ ਸੀ। ਪਰ ਸਿੰਘ ਸਾਹਿਬਾਨ ਨੇ ਇਸ ਬਿਆਨ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਖ ਇਕ ਵੱਖਰੀ ਕੌਮ ਹੈ ਅਤੇ ਰਹੇਗੀ। ਇਸ ਲਈ ਕਿਸੇ ਕੋਲੋਂ ਵੱਖਰਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ। ਇਸੇ ਤਰ੍ਹਾਂ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਗੁਰਦੁਆਰਾ ਸਾਹਿਬ ਦਾ ਨਾਂ ਬਾਬਾ ਸ਼ਮਸ਼ੇਰ ਸਿੰਘ ਵੱਲੋਂ ਆਰਤੀ ਸਾਹਿਬ ਰੱਖੇ ਜਾਣ ਉੱਤੇ ਇਤਰਾਜ਼ ਪ੍ਰਗਟ ਕੀਤਾ ਗਿਆ ਹੈ ਅਤੇ ਬਾਬਾ ਸ਼ਮਸ਼ੇਰ ਸਿੰਘ ਨੂੰ ਨਾਂ ਤਬਦੀਲ ਕਰਨ ਲਈ ਇਕ ਮਹੀਨੇ ਦਾ ਸਮਾਂ ਦਿੱਤਾ ਹੈ।
ਇਸੇ ਤਰ੍ਹਾਂ ਕੈਨੇਡਾ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਕੇ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਦਾ ਵੀ ਸਿੰਘ ਸਾਹਿਬਾਨ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਸੂਬੇ ਵਿਚ ਸਤਿਨਾਮ ਰਿਲੀਜੀਅਸ ਸੁਸਾਇਟੀ ਵੱਲੋਂ ਆਪਣੇ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾ ਰਹੀ ਹੈ। ਅਜਿਹਾ ਕਰਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਾਰ ਦਿੱਤਾ ਗਿਆ ਹੈ। ਸਿੰਘ ਸਾਹਿਬਾਨ ਨੇ ਇਸ ਸੁਸਾਇਟੀ ਦੇ ਰਿਪੁਦਮਨ ਮਲਿਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਇਕ ਮਹੀਨੇ ਵਿਚ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ।
ਇਕ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਬਾਰੇ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਉਸ ਨੂੰ ਕੋਈ ਮੁਆਫੀ ਨਹੀਂ ਦਿੱਤੀ ਗਈ। ਇਸ ਲਈ ਸੰਗਤਾਂ ਇਸ ਨਾਲ ਮਿਲਵਰਤਣ ਨਾ ਰੱਖਣ।
ਇਸ ਤੋਂ ਇਲਾਵਾ ਪਿਛਲੇ ਦਿਨੀਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਪਾਸੋਂ À-ਫਾਰਮ ਸਬੰਧੀ ਅੰਮ੍ਰਿਤ ਛਕੇ ਜਾਂ ਨਾ ਛਕੇ ਹੋਣ ਬਾਰੇ ਜਾਣਕਾਰੀ ਮੰਗੀ ਗਈ ਸੀ। ਵਾਰ-ਵਾਰ ਪਤ੍ਰਿਕਾਵਾਂ ਭੇਜਣ ‘ਤੇ ਵੀ ਇਨ੍ਹਾਂ ਵੱਲੋਂ ਜਾਣਕਾਰੀ ਨਹੀਂ ਭੇਜੀ ਗਈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਵਿਚਾਰ ਕਰਨ ਉਪਰੰਤ ਫੈਸਲਾ ਹੋਇਆ ਹੈ ਕਿ ਪ੍ਰਧਾਨ ਅਤੇ ਅਹੁਦੇਦਾਰ ਸਬੰਧਤ ਜਾਣਕਾਰੀ ਲੈ ਕੇ ਖੁਦ 18 ਸਤੰਬਰ, 2020 ਦਿਨ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10 ਵਜੇ ਹਾਜ਼ਰ ਹੋਣ।
ਇਸ ਤੋਂ ਇਲਾਵਾ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ‘ਚ ਅਰਦਾਸ ਕਰਨ ਵਾਲੇ ਕੁਝ ਸਿੱਖ ਨੌਜਵਾਨਾਂ ਨੂੰ ਸਰਕਾਰ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ, ਜੋ ਕਿ ਉਚਿਤ ਨਹੀਂ ਹੈ ਕਿਉਂਕਿ ਅਰਦਾਸ ਕਰਨਾ ਸਿੱਖ ਦਾ ਧਾਰਮਿਕ ਫਰਜ਼ ਹੈ। ਸਿੱਖ ਹਮੇਸ਼ਾਂ ਹੀ ਅਰਦਾਸ ਰਾਹੀਂ ਰਾਜ ਕਰੇਗਾ ਖਾਲਸਾ ਦੇ ਸੰਕਲਪ ਨੂੰ ਦ੍ਰਿੜ੍ਹ ਕਰਦਾ ਹੈ। ਇਸ ਲਈ ਅਰਦਾਸ ਕਰਨਾ ਕੋਈ ਜੁਰਮ ਨਹੀਂ। ਪੈਸੇ ਦੇ ਲਾਲਚ ਵਿਚ ਕੀਤੀ ਜਾਂ ਕਰਵਾਈ ਅਰਦਾਸ ਸਿੱਖ ਧਰਮ ਦਾ ਅੰਗ ਨਹੀਂ ਹੈ। ਸਿੱਖ ਨੌਜਵਾਨ ਉਕਸਾਊ ਬਿਆਨਾਂ ਤੋਂ ਸੁਚੇਤ ਰਹਿਣ।


Share