ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਲਈ ਸ਼੍ਰੋਮਣੀ ਕਮੇਟੀ ਵਿਦੇਸ਼ਾਂ ’ਚ ਪਿ੍ਰੰਟਿੰਗ ਪ੍ਰੈੱਸਾਂ ਕਰੇਗੀ ਸਥਾਪਿਤ : ਬੀਬੀ ਜਗੀਰ ਕੌਰ

373
ਸ਼੍ਰੋਮਣੀ ਕਮੇਟੀ ਦੀ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮੌਕੇ ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਭਿੱਟੇਵੱਡ, ਬਾਬਾ ਬੂਟਾ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਿੰਦਰ ਸਿੰਘ ਧਾਮੀ ਅਤੇ ਹੋਰ।
Share

ਅੰਮਿ੍ਰਤਸਰ, 24 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪਿ੍ਰੰਟਿੰਗ ਪ੍ਰੈੱਸਾਂ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਵਿਚ ਲੋੜ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਸਤਿਕਾਰ ਸਹਿਤ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ’ਚ ਪ੍ਰੈੱਸਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਅੰਤਿ੍ਰੰਗ ਕਮੇਟੀ ਨੇ ਲੰਮੀ ਵਿਚਾਰ ਮਗਰੋਂ ਲਿਆ ਹੈ।
ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਅਤੇ ਹੋਰ ਅਹੁਦੇਦਾਰ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਪਾਵਨ ਸਰੂਪ ਭੇਜਣ ਸਮੇਂ ਆਉਂਦੀਆਂ ਮੁਸ਼ਕਲਾਂ ਕਾਰਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ’ਚ ਵੱਖ-ਵੱਖ ਦੇਸ਼ਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ। ਅਮਰੀਕਾ ਅਤੇ ਕੈਨੇਡਾ ਦੇ ਨਾਲ-ਨਾਲ ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜੀਲੈਂਡ ’ਚ ਪਿ੍ਰੰਟਿੰਗ ਪ੍ਰੈੱਸਾਂ ਲਗਾਈਆਂ ਜਾਣਗੀਆਂ। ਇਸ ਕਾਰਜ ਲਈ ਸਥਾਨਕ ਪੱਧਰ ’ਤੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਹੜੇ ਦੇਸ਼ ਵਿਚ ਵੀ ਪਿ੍ਰੰਟਿੰਗ ਪ੍ਰੈੱਸ ਲਗਾਈ ਜਾਵੇਗੀ, ਉਥੋਂ ਅੱਗੇ ਨੇੜਲੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੋੜ ਵਾਲੀ ਥਾਂ ’ਤੇ ਭੇਜੀ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਜਰਾਤ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪਾਂ ਦੀ ਪੁੱਜੀ ਮੰਗ ਵੀ ਪ੍ਰਵਾਨ ਕਰ ਲਈ ਗਈ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ ਆਪ ਪਾਵਨ ਸਰੂਪ ਗੁਜਰਾਤ ਪਹੁੰਚਾਏਗੀ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫ਼ਗਾਨਿਸਤਾਨ ’ਚ ਮੌਜੂਦਾ ਹਾਲਾਤਾਂ ਕਰਕੇ ਭੈਅਭੀਤ ਸਿੱਖਾਂ ਨੂੰ ਭਾਰਤ ਲਿਆਉਣ ਦੀ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਿੱਖ ਭਾਰਤ ਆਉਣਗੇ ਉਨ੍ਹਾਂ ਦੇ ਰਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਫੈਸਲਾ ਕੀਤਾ ਹੋਇਆ ਹੈ।¿;

Share